ਜੰਤਰ ਮੰਤਰ ਪ੍ਰਦਰਸ਼ਨ: ਦਿੱਲੀ ਹਵਾਈ ਅੱਡੇ 'ਤੇ ਉਤਰਦੇ ਹੀ ਅਭਿਜੀਤ ਦੀਪਕੇ, ਸੌਰਵ ਦਾਸ ਤੇ ਆਸ਼ੂਤੋਸ਼ ਰਾਂਕਾ ਹਿਰਾਸਤ 'ਚ, ਭਾਜਪਾ ਨੇ ਪ੍ਰਦਰਸ਼ਨ ਬਾਰੇ ਕੀ ਕਿਹਾ

ਸੌਰਵ ਦਾਸ, ਅਭਿਜੀਤ ਦੀਪਕੇ ਅਤੇ ਆਸ਼ੁਤੋਸ਼ ਰਾਂਕਾ (ਫਾਈਲ ਫੋਟੋ)
ਤਸਵੀਰ ਕੈਪਸ਼ਨ, ਸੌਰਵ ਦਾਸ, ਅਭਿਜੀਤ ਦੀਪਕੇ ਅਤੇ ਆਸ਼ੁਤੋਸ਼ ਰਾਂਕਾ (ਫਾਈਲ ਫੋਟੋ)
ਪ੍ਰਕਾਸ਼ਿਤ
ਪੜ੍ਹਨ ਦਾ ਸਮਾਂ: 11 ਮਿੰਟ

ਦਿੱਲੀ ਦੇ ਜੰਤਰ-ਮੰਤਰ 'ਤੇ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨ ਦੇ ਸੱਦੇ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ।

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਨੇ ਦਾਅਵਾ ਕੀਤਾ ਹੈ ਕਿ ਅਭਿਜੀਤ ਦੀਪਕੇ, ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।

ਸੀਜੇਪੀ ਨੇ ਇੱਕ ਅਧਿਕਾਰਤ ਬਿਆਨ ਜਾਰੀ ਕਰਕੇ ਦੱਸਿਆ ਕਿ ਤਿੰਨਾਂ ਆਗੂਆਂ ਨੂੰ ਸ਼ਨੀਵਾਰ ਨੂੰ ਦਿੱਲੀ ਵਿੱਚ ਜਹਾਜ਼ ਤੋਂ ਉਤਰਦੇ ਹੀ ਹਿਰਾਸਤ ਵਿੱਚ ਲੈ ਲਿਆ ਗਿਆ।

ਪੁਲਿਸ ਨੇ ਸੁਰੱਖਿਆ ਸਖ਼ਤ ਇੰਤਜ਼ਾਮ ਕੀਤੇ ਹੋਏ ਹਨ
ਤਸਵੀਰ ਕੈਪਸ਼ਨ, ਪੁਲਿਸ ਨੇ ਸੁਰੱਖਿਆ ਸਖ਼ਤ ਇੰਤਜ਼ਾਮ ਕੀਤੇ ਹੋਏ ਹਨ

ਦਰਅਸਲ, ਸੀਜੇਪੀ ਦੇ ਇਹ ਤਿੰਨੋ ਆਗੂ ਮੁੰਬਈ ਤੋਂ ਰਵਾਨਾ ਹੋ ਕੇ ਦਿੱਲੀ ਹਵਾਈ ਅੱਡੇ 'ਤੇ ਪਹੁੰਚੇ ਸਨ। ਇਸੇ ਦੌਰਾਨ ਅਭਿਜੀਤ ਦੀਪਕੇ ਸੋਸ਼ਲ ਮੀਡੀਆ 'ਤੇ ਲਾਈਵ ਆਏ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।

ਸੀਜੇਪੀ ਨੇ ਦਿੱਲੀ ਪੁਲਿਸ ਦੀ ਇਸ ਕਾਰਵਾਈ ਨੂੰ "ਤਾਨਾਸ਼ਾਹੀਪੂਰਨ" ਕਰਾਰ ਦਿੰਦਿਆਂ ਤਿੰਨਾਂ ਆਗੂਆਂ ਦੀ ਤੁਰੰਤ ਅਤੇ ਬਿਨਾ ਕਿਸੇ ਸ਼ਰਤ ਰਿਹਾਈ ਦੀ ਮੰਗ ਕੀਤੀ ਹੈ।

ਯੂਟਿਊਬਰ ਧਰੁਵ ਰਾਠੀ (ਫਾਈਲ ਫੋਟੋ)
ਤਸਵੀਰ ਕੈਪਸ਼ਨ, ਯੂਟਿਊਬਰ ਧਰੁਵ ਰਾਠੀ (ਫਾਈਲ ਫੋਟੋ)

ਇਸ ਤੋਂ ਪਹਿਲਾਂ ਸ਼ਨੀਵਾਰ ਸਵੇਰੇ ਮਸ਼ਹੂਰ ਯੂਟਿਊਬਰ ਧਰੁਵ ਰਾਠੀ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ।

ਬੀਬੀਸੀ ਦੇ ਪੱਤਰਕਾਰ ਦਿਲਨਵਾਜ਼ ਪਾਸ਼ਾ ਅਨੁਸਾਰ, ਧਰੁਵ ਰਾਠੀ ਦੇ ਇੱਕ ਸਾਥੀ ਅਤੇ ਗੁਰੂਗ੍ਰਾਮ ਪੁਲਿਸ, ਦੋਵਾਂ ਨੇ ਉਸ ਦੀ ਹਿਰਾਸਤ ਦੀ ਪੁਸ਼ਟੀ ਕੀਤੀ ਹੈ। ਉਸ ਦੇ ਸਾਥੀ ਨੇ ਦੱਸਿਆ ਕਿ ਰਾਠੀ ਨੂੰ ਗੁਰੂਗ੍ਰਾਮ ਦੇ ਸੈਕਟਰ-56 ਤੋਂ ਹਿਰਾਸਤ ਵਿੱਚ ਲਿਆ ਗਿਆ ਸੀ।

ਇਸ ਤੋਂ ਪਹਿਲਾਂ, ਸ਼ੁੱਕਰਵਾਰ ਦੇਰ ਸ਼ਾਮ, ਰਾਠੀ ਨੇ ਸੋਸ਼ਲ ਮੀਡੀਆ 'ਤੇ ਇੱਕ 'ਰੀਲ' (ਛੋਟੀ ਵੀਡੀਓ) ਪੋਸਟ ਕੀਤੀ ਸੀ। ਵੀਡੀਓ ਵਿੱਚ ਉਹ ਇੰਡੀਆ ਗੇਟ ਦੇ ਸਾਹਮਣੇ ਤੁਰਦੇ ਹੋਏ ਦਿਖਾਈ ਦਿੱਤੇ ਸਨ।

ਭਾਜਪਾ ਨੇ ਕੀ ਕਿਹਾ

ਨਿਤਿਨ ਨਬੀਨ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਜੰਤਰ ਮੰਤਰ 'ਤੇ ਹੋ ਰਹੇ ਪ੍ਰਦਰਸ਼ਨ ਬਾਰੇ ਪ੍ਰਤੀਕਿਰਿਆ ਦਿੱਤੀ ਹੈ।

ਉਨ੍ਹਾਂ ਕਿਹਾ, "ਅੱਜ ਦੇਸ਼ ਵਿੱਚ ਬਹੁਤ ਖ਼ਤਰਨਾਕ ਅਤੇ ਗੰਭੀਰ ਸਥਿਤੀ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਕੌਣ ਕਰ ਰਿਹਾ ਹੈ? ਦੋ ਅਰਾਜਕ ਗਰੁੱਪ, ਇੱਕ ਰਾਹੁਲ ਗਾਂਧੀ ਦੀ ਅਗਵਾਈ ਵਾਲਾ 'ਇੰਡੀ ਅਲਾਇੰਸ' ਅਤੇ ਦੂਜਾ ਅਰਵਿੰਦ ਕੇਜਰੀਵਾਲ ਦੇ ਸਹਿਯੋਗੀਆਂ ਦੀ ਅਗਵਾਈ ਹੇਠ ਚੱਲ ਰਿਹਾ ਸੀਜੇਪੀ, ਮੈਂ ਇਨ੍ਹਾਂ ਦੋਹਾਂ ਗਰੁੱਪਾਂ ਨੂੰ ਸਾਫ਼ ਤੌਰ 'ਤੇ ਕਹਿਣਾ ਚਾਹੁੰਦਾ ਹਾਂ ਕਿ ਭਾਰਤ ਦੀ ਜਨਤਾ ਤੁਹਾਡੇ ਇਰਾਦਿਆਂ ਨੂੰ ਚੰਗੀ ਤਰ੍ਹਾਂ ਸਮਝਦੀ ਹੈ। ਇਸ ਮਾਮਲੇ 'ਤੇ ਤੁਹਾਡੀ ਇਹ 'ਅਰਾਜਕ ਦੌੜ' ਕਾਮਯਾਬ ਨਹੀਂ ਹੋਵੇਗੀ। ਇਹ ਉਹ ਲੋਕ ਹਨ ਜਿਨ੍ਹਾਂ ਨੂੰ ਜਨਤਾ ਪਹਿਲਾਂ ਹੀ ਨਕਾਰ ਚੁੱਕੀ ਹੈ। ਮੈਂ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਆਪਣੇ ਸਿਆਸੀ ਏਜੰਡੇ ਤਹਿਤ ਅਤੇ ਵਿਦੇਸ਼ੀ ਤਾਕਤਾਂ ਦੇ ਇਸ਼ਾਰਿਆਂ 'ਤੇ ਇਹ ਕੋਸ਼ਿਸ਼ਾਂ ਕਰ ਰਹੇ ਹੋ।"

ਉਨ੍ਹਾਂ ਨੇ ਅੱਗੇ ਕਿਹਾ, "ਮੈਂ ਸਪੱਸ਼ਟ ਤੌਰ 'ਤੇ ਕਹਿਣਾ ਚਾਹੁੰਦਾ ਹਾਂ ਕਿ ਭਾਰਤੀ ਲੋਕਤੰਤਰ ਵਿੱਚ ਅਪਾਰ ਤਾਕਤ ਹੈ ਅਤੇ ਇਸ ਦੇਸ਼ ਦੇ ਦੇਸ਼ਭਗਤ ਇਕਜੁੱਟ ਹੋ ਕੇ ਤੁਹਾਡੇ ਮਨਸੂਬਿਆਂ ਨੂੰ ਨਾਕਾਮ ਕਰ ਦੇਣਗੇ।"

ਦਿੱਲੀ ਪੁਲਿਸ ਨੇ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਹੈ
ਤਸਵੀਰ ਕੈਪਸ਼ਨ, ਦਿੱਲੀ ਪੁਲਿਸ ਨੇ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਹੈ

ਇਸ ਦੇ ਨਾਲ ਹੀ ਪੁਲਿਸ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੌਰਾਨ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ।

ਪ੍ਰਦਰਸ਼ਨ ਨੂੰ ਦੇਖਦੇ ਹੋਏ ਦਿੱਲੀ ਦੇ ਰੇਲਵੇ ਸਟੇਸ਼ਨਾਂ, ਹੋਟਲਾਂ ਅਤੇ ਮੁੱਖ ਸਰਹੱਦੀ ਇਲਾਕਿਆਂ ਵਿੱਚ ਨਿਗਰਾਨੀ ਵਧਾ ਦਿੱਤੀ ਗਈ ਹੈ। ਰੇਲਵੇ ਸਟੇਸ਼ਨਾਂ 'ਤੇ ਪਹੁੰਚਣ ਵਾਲੇ ਯਾਤਰੀਆਂ ਅਤੇ ਹੋਟਲਾਂ ਵਿੱਚ ਠਹਿਰਣ ਵਾਲੇ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ, ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਦਿੱਲੀ ਪਹੁੰਚਣ ਵਾਲੇ ਲੋਕਾਂ 'ਤੇ ਵੀ ਪੁਲਿਸ ਦੀ ਨਜ਼ਰ ਬਣੀ ਹੋਈ ਹੈ।

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨ ਤੋਂ ਪਹਿਲਾਂ ਨਵੀਂ ਦਿੱਲੀ ਅਤੇ ਹਜ਼ਰਤ ਨਿਜ਼ਾਮੁਦੀਨ ਰੇਲਵੇ ਸਟੇਸ਼ਨਾਂ ਤੋਂ ਆਉਣ-ਜਾਣ ਵਾਲੀਆਂ 250 ਤੋਂ ਵੱਧ ਰੇਲ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ।

ਚੰਡੀਗੜ੍ਹ ਵਿੱਚ ਵੀ ਮਨੀਸ਼ ਸਿਸੋਦੀਆ ਹਿਰਾਸਤ 'ਚ

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਦੇ ਸੈਕਟਰ-17 ਵਿੱਚ ਪ੍ਰਦਰਸ਼ਨ ਕੀਤਾ
ਤਸਵੀਰ ਕੈਪਸ਼ਨ, ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਦੇ ਸੈਕਟਰ-17 ਵਿੱਚ ਪ੍ਰਦਰਸ਼ਨ ਕੀਤਾ

ਕਾਕਰੋਚ ਜਨਤਾ ਪਾਰਟੀ ਦੀ ਹਮਾਇਤ ਵਿੱਚ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਚੰਡੀਗੜ੍ਹ ਦੇ ਸੈਕਟਰ-17 ਵਿੱਚ ਮੁੱਖ ਚੋਣ ਕਮਿਸ਼ਨ ਪੰਜਾਬ ਦੇ ਦਫਤਰ ਨੇੜੇ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ 'ਆਪ' ਆਗੂ ਮਨੀਸ਼ ਸਿਸੋਦੀਆ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।

ਪ੍ਰਦਰਸ਼ਨ ਦੌਰਾਨ ਉਨ੍ਹਾਂ ਦੇ ਨਾਲ ਹਰਪਾਲ ਚੀਮਾ ਸਣੇ ਪੰਜਾਬ ਦੇ ਕਈ ਆਗੂ ਪਹੁੰਚੇ ਸਨ।

ਇਸ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜਾਮ ਕੀਤੇ ਗਏ ਅਤੇ ਬੈਰੀਕੈਡਿੰਗ ਕਰਕੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਿਆ ਗਿਆ।

ਦਿੱਲੀ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ
ਤਸਵੀਰ ਕੈਪਸ਼ਨ, ਦਿੱਲੀ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ

ਸਮਾਚਾਰ ਏਜੰਸੀ ਪੀਟੀਆਈ ਦੇ ਮੁਤਾਬਕ, ਰੇਲਵੇ ਬੋਰਡ ਦੇ ਫ਼ੈਸਲੇ ਤਹਿਤ 9 ਅਕਤੂਬਰ ਨੂੰ ਦੁਪਹਿਰ 2 ਵਜੇ ਤੋਂ ਬਾਅਦ ਆਪਣੇ ਸ਼ੁਰੂਆਤੀ ਸਟੇਸ਼ਨਾਂ ਤੋਂ ਰਵਾਨਾ ਹੋਣ ਵਾਲੀਆਂ ਯਾਤਰੀ ਰੇਲ ਗੱਡੀਆਂ ਰੱਦ ਕੀਤੀਆਂ ਗਈਆਂ ਹਨ।

ਲੀਗਲ ਨਿਊਜ਼ ਵੈੱਬਸਾਈਟ ਲਾਈਵ ਲਾਅ ਅਨੁਸਾਰ, ਸ਼ਨੀਵਾਰ ਨੂੰ ਸੁਪਰੀਮ ਕੋਰਟ ਵਿੱਚ ਕੰਟੈਂਪਟ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿੱਚ ਇਲਜ਼ਾਮ ਲਗਾਇਆ ਗਿਆ ਹੈ ਕਿ ਦਿੱਲੀ ਮੈਟਰੋ ਦੇ ਕਈ ਸਟੇਸ਼ਨ ਬੰਦ ਹਨ, ਜਦਕਿ ਸੁਪਰੀਮ ਕੋਰਟ ਨੇ ਹਦਾਇਤ ਦਿੱਤੀ ਸੀ ਕਿ ਆਵਾਜਾਈ ਸੇਵਾਵਾਂ ਨੂੰ ਪੂਰੀ ਤਰ੍ਹਾਂ ਬੰਦ ਨਹੀਂ ਕੀਤਾ ਜਾਣਾ ਚਾਹੀਦਾ।

ਪ੍ਰਦਰਸ਼ਨ ਤੋਂ ਪਹਿਲਾਂ ਅਭਿਜੀਤ ਦੀਪਕੇ ਨੇ ਕੀ ਕਿਹਾ

ਅਭਿਜੀਤ ਦੀਪਕੇ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਰੋਧ ਪ੍ਰਦਰਸ਼ਨ ਕਰਨਾ ਉਨ੍ਹਾਂ ਦਾ ਮੌਲਿਕ ਅਧਿਕਾਰ ਹੈ।
ਤਸਵੀਰ ਕੈਪਸ਼ਨ, ਅਭਿਜੀਤ ਦੀਪਕੇ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਰੋਧ ਪ੍ਰਦਰਸ਼ਨ ਕਰਨਾ ਉਨ੍ਹਾਂ ਦਾ ਮੌਲਿਕ ਅਧਿਕਾਰ ਹੈ।

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਕਿਹਾ ਹੈ ਕਿ ਜੇ ਉਨ੍ਹਾਂ ਦੀ ਗ੍ਰਿਫ਼ਤਾਰੀ ਵੀ ਹੋ ਜਾਂਦੀ ਹੈ ਤਾਂ ਵੀ ਨਿਰਪੱਖ ਚੋਣਾਂ ਲਈ ਲੜਾਈ ਜਾਰੀ ਰਹੇਗੀ।

ਅਭਿਜੀਤ ਦੀਪਕੇ ਸ਼ਨੀਵਾਰ ਸਵੇਰੇ ਮੁੰਬਈ ਤੋਂ ਦਿੱਲੀ ਆ ਰਹੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਰੋਧ ਪ੍ਰਦਰਸ਼ਨ ਕਰਨਾ ਉਨ੍ਹਾਂ ਦਾ ਮੂਲ ਅਧਿਕਾਰ ਹੈ।

ਅਭਿਜੀਤ ਦੀਪਕੇ ਨੇ ਖਬਰ ਏਜੰਸੀ ਏਐੱਨਆਈ ਨਾਲ ਗੱਲਬਾਤ ਦੌਰਾਨ ਕਿਹਾ, "ਮੈਨੂੰ ਹੈਰਾਨੀ ਹੁੰਦੀ ਹੈ ਕਿ ਪ੍ਰਧਾਨ ਮੰਤਰੀ ਇਸ ਦੇਸ਼ ਦੇ ਨੌਜਵਾਨਾਂ ਅਤੇ ਲੋਕਾਂ ਤੋਂ ਇੰਨੇ ਡਰੇ ਹੋਏ ਕਿਉਂ ਹਨ। ਸਾਰੀਆਂ ਰੇਲ ਸੇਵਾਵਾਂ ਅਤੇ ਮੈਟਰੋ ਸਟੇਸ਼ਨ ਬੰਦ ਕਰਨ ਦੀ ਕੀ ਲੋੜ ਸੀ? ਉਨ੍ਹਾਂ ਨੇ ਇੰਟਰਨੈੱਟ ਬੰਦ ਕਰ ਦਿੱਤਾ ਹੈ ਅਤੇ ਸੜਕਾਂ ਵੀ ਰੋਕ ਦਿੱਤੀਆਂ ਹਨ।"

ਉਨ੍ਹਾਂ ਕਿਹਾ, "ਉਨ੍ਹਾਂ ਨੇ ਜੰਮੂ-ਕਸ਼ਮੀਰ ਤੋਂ ਫੌਜ ਬੁਲਾ ਕੇ ਦਿੱਲੀ ਵਿੱਚ ਤਾਇਨਾਤ ਕਰ ਦਿੱਤੀ ਹੈ। ਨਕਸਲ ਪ੍ਰਭਾਵਿਤ ਖੇਤਰਾਂ ਤੋਂ ਸੀਆਰਪੀਐੱਫ ਦੇ ਜਵਾਨ ਬੁਲਾ ਕੇ ਦਿੱਲੀ ਵਿੱਚ ਤਾਇਨਾਤ ਕੀਤੇ ਗਏ ਹਨ। ਕੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਆਪਣੇ ਹੀ ਦੇਸ਼ ਦੀ ਜਨਤਾ ਦੇ ਖ਼ਿਲਾਫ਼ ਜੰਗ ਛੇੜਣਾ ਚਾਹੁੰਦੇ ਹਨ? ਕੀ ਗਿਆਨੇਸ਼ ਕੁਮਾਰ ਉਨ੍ਹਾਂ ਲਈ ਇੰਨੇ ਪਿਆਰੇ ਹਨ ਕਿ ਉਹ ਆਪਣੀ ਹੀ ਜਨਤਾ ਉੱਤੇ ਪੁਲਿਸ ਅਤੇ ਫੌਜ ਤਾਇਨਾਤ ਕਰ ਦੇਣ?"

ਉਨ੍ਹਾਂ ਨੇ ਕਿਹਾ, "ਪ੍ਰਧਾਨ ਮੰਤਰੀ ਮੋਦੀ ਡਰ ਗਏ ਹਨ। ਉਨ੍ਹਾਂ ਨੂੰ ਡਰ ਹੈ ਕਿ ਇਸ ਘਟਨਾ ਤੋਂ ਬਾਅਦ ਦੇਸ਼ ਦੀ ਜਨਤਾ ਉਨ੍ਹਾਂ ਨੂੰ ਵੋਟ ਨਹੀਂ ਦੇਵੇਗੀ। ਇਸ ਲਈ ਸਿਰਫ਼ ਸੱਤਾ ਵਿੱਚ ਬਣੇ ਰਹਿਣ ਲਈ ਲੋਕਾਂ ਨੂੰ ਟ੍ਰੇਨਾਂ ਵਿੱਚੋਂ ਉਤਾਰਿਆ ਜਾ ਰਿਹਾ ਹੈ। ਰਿਹਾਇਸ਼ੀ ਸੋਸਾਇਟੀਆਂ ਵਿੱਚ ਐਲਾਨ ਕੀਤੇ ਜਾ ਰਹੇ ਹਨ ਕਿ ਲੋਕ ਪ੍ਰਦਰਸ਼ਨਾਂ ਵਿੱਚ ਸ਼ਾਮਲ ਨਾ ਹੋਣ।"

ਭਾਜਪਾ ਪ੍ਰਧਾਨ ਨੇ ਕੀ ਕਿਹਾ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਸੀਜੇਪੀ ਤੇ ਰਾਹੁਲ ਗਾਂਧੀ ਉਪਰ ਨਿਸ਼ਾਨਾ ਸਾਧਿਆ ਹੈ
ਤਸਵੀਰ ਕੈਪਸ਼ਨ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਸੀਜੇਪੀ ਤੇ ਰਾਹੁਲ ਗਾਂਧੀ ਉਪਰ ਨਿਸ਼ਾਨਾ ਸਾਧਿਆ ਹੈ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਜੰਤਰ ਮੰਤਰ 'ਤੇ ਹੋਣ ਵਾਲੇ ਪ੍ਰਦਰਸ਼ਨ ਬਾਰੇ ਪ੍ਰਤੀਕਿਰਿਆ ਦਿੱਤੀ ਹੈ।

ਉਨ੍ਹਾਂ ਕਿਹਾ, "ਅੱਜ ਦੇਸ਼ ਵਿੱਚ ਬਹੁਤ ਖ਼ਤਰਨਾਕ ਅਤੇ ਗੰਭੀਰ ਸਥਿਤੀ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਕੌਣ ਕਰ ਰਿਹਾ ਹੈ? ਦੋ ਅਰਾਜਕ ਗਰੁੱਪ, ਇੱਕ ਰਾਹੁਲ ਗਾਂਧੀ ਦੀ ਅਗਵਾਈ ਵਾਲਾ 'ਇੰਡੀ ਅਲਾਇੰਸ' ਅਤੇ ਦੂਜਾ ਅਰਵਿੰਦ ਕੇਜਰੀਵਾਲ ਦੇ ਸਹਿਯੋਗੀਆਂ ਦੀ ਅਗਵਾਈ ਹੇਠ ਚੱਲ ਰਿਹਾ ਸੀਜੇਪੀ, ਮੈਂ ਇਨ੍ਹਾਂ ਦੋਹਾਂ ਗਰੁੱਪਾਂ ਨੂੰ ਸਾਫ਼ ਤੌਰ 'ਤੇ ਕਹਿਣਾ ਚਾਹੁੰਦਾ ਹਾਂ ਕਿ ਭਾਰਤ ਦੀ ਜਨਤਾ ਤੁਹਾਡੇ ਇਰਾਦਿਆਂ ਨੂੰ ਚੰਗੀ ਤਰ੍ਹਾਂ ਸਮਝਦੀ ਹੈ। ਇਸ ਮਾਮਲੇ 'ਤੇ ਤੁਹਾਡੀ ਇਹ 'ਅਰਾਜਕ ਦੌੜ' ਕਾਮਯਾਬ ਨਹੀਂ ਹੋਵੇਗੀ। ਇਹ ਉਹ ਲੋਕ ਹਨ ਜਿਨ੍ਹਾਂ ਨੂੰ ਜਨਤਾ ਪਹਿਲਾਂ ਹੀ ਨਕਾਰ ਚੁੱਕੀ ਹੈ। ਮੈਂ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਆਪਣੇ ਸਿਆਸੀ ਏਜੰਡੇ ਤਹਿਤ ਅਤੇ ਵਿਦੇਸ਼ੀ ਤਾਕਤਾਂ ਦੇ ਇਸ਼ਾਰਿਆਂ 'ਤੇ ਇਹ ਕੋਸ਼ਿਸ਼ਾਂ ਕਰ ਰਹੇ ਹੋ।"

ਉਨ੍ਹਾਂ ਨੇ ਅੱਗੇ ਕਿਹਾ, "ਮੈਂ ਸਪੱਸ਼ਟ ਤੌਰ 'ਤੇ ਕਹਿਣਾ ਚਾਹੁੰਦਾ ਹਾਂ ਕਿ ਭਾਰਤੀ ਲੋਕਤੰਤਰ ਵਿੱਚ ਅਪਾਰ ਤਾਕਤ ਹੈ ਅਤੇ ਇਸ ਦੇਸ਼ ਦੇ ਦੇਸ਼ਭਗਤ ਇਕਜੁੱਟ ਹੋ ਕੇ ਤੁਹਾਡੇ ਮਨਸੂਬਿਆਂ ਨੂੰ ਨਾਕਾਮ ਕਰ ਦੇਣਗੇ।"

10 ਅਕਤੂਬਰ ਨੂੰ ਸਵੇਰੇ 4 ਵਜੇ ਤੋਂ ਦੁਪਹਿਰ 2 ਵਜੇ ਦੇ ਵਿਚਕਾਰ ਨਵੀਂ ਦਿੱਲੀ ਜਾਂ ਹਜ਼ਰਤ ਨਿਜ਼ਾਮੁਦੀਨ ਸਟੇਸ਼ਨ ਪਹੁੰਚਣ ਵਾਲੀਆਂ ਰੇਲ ਗੱਡੀਆਂ ਵੀ ਰੱਦ ਰਹਿਣਗੀਆਂ
ਤਸਵੀਰ ਕੈਪਸ਼ਨ, 10 ਅਕਤੂਬਰ ਨੂੰ ਸਵੇਰੇ 4 ਵਜੇ ਤੋਂ ਦੁਪਹਿਰ 2 ਵਜੇ ਦੇ ਵਿਚਕਾਰ ਨਵੀਂ ਦਿੱਲੀ ਜਾਂ ਹਜ਼ਰਤ ਨਿਜ਼ਾਮੁਦੀਨ ਸਟੇਸ਼ਨ ਪਹੁੰਚਣ ਵਾਲੀਆਂ ਰੇਲ ਗੱਡੀਆਂ ਵੀ ਰੱਦ ਰਹਿਣਗੀਆਂ

ਇਸ ਤੋਂ ਇਲਾਵਾ, 10 ਅਕਤੂਬਰ ਨੂੰ ਸਵੇਰੇ 4 ਵਜੇ ਤੋਂ ਦੁਪਹਿਰ 2 ਵਜੇ ਦੇ ਵਿਚਕਾਰ ਨਵੀਂ ਦਿੱਲੀ ਜਾਂ ਹਜ਼ਰਤ ਨਿਜ਼ਾਮੁਦੀਨ ਸਟੇਸ਼ਨ ਪਹੁੰਚਣ ਵਾਲੀਆਂ ਰੇਲ ਗੱਡੀਆਂ ਵੀ ਰੱਦ ਰਹਿਣਗੀਆਂ।

ਵੱਡੀ ਗਿਣਤੀ ਵਿੱਚ ਰੇਲ ਗੱਡੀਆਂ ਰੱਦ ਕੀਤੇ ਜਾਣ ਕਾਰਨ ਹਜ਼ਾਰਾਂ ਯਾਤਰੀਆਂ ਨੂੰ ਹੋਣ ਵਾਲੀ ਔਖ ਨੂੰ ਲੈਕੇ ਰੇਲਵੇ ਦੇ ਫ਼ੈਸਲੇ 'ਤੇ ਸਵਾਲ ਉੱਠ ਰਹੇ ਹਨ। ਰੇਲਵੇ ਦੇ ਸਾਬਕਾ ਅਧਿਕਾਰੀਆਂ, ਯਾਤਰੀ ਸੰਗਠਨਾਂ ਅਤੇ ਕਰਮਚਾਰੀ ਮਹਾਸੰਘਾਂ ਨੇ ਇਸ ਕਦਮ ਦੀ ਆਲੋਚਨਾ ਕੀਤੀ ਹੈ।

ਰੇਲਵੇ ਬੋਰਡ ਦੇ ਸਾਬਕਾ ਮੈਂਬਰ (ਇੰਜੀਨੀਅਰਿੰਗ) ਸੁਬੋਧ ਜੈਨ ਨੇ ਕਿਹਾ, "ਇੰਨੀ ਵੱਡੀ ਗਿਣਤੀ ਵਿੱਚ ਰੇਲ ਗੱਡੀਆਂ ਰੱਦ ਕਰਨਾ ਪ੍ਰਦਰਸ਼ਨਕਾਰੀਆਂ ਅੱਗੇ ਸਮਰਪਣ ਕਰਨ ਵਰਗਾ ਹੈ।"

ਆਲ ਇੰਡੀਆ ਰੇਲਵੇਮੈਨਜ਼ ਫੈਡਰੇਸ਼ਨ ਦੇ ਜਨਰਲ ਸਕੱਤਰ ਸ਼ਿਵ ਗੋਪਾਲ ਮਿਸ਼ਰਾ ਨੇ ਵੀ ਰੇਲਵੇ ਦੇ ਇਸ ਫ਼ੈਸਲੇ ਦੀ ਆਲੋਚਨਾ ਕੀਤੀ। ਉਨ੍ਹਾਂ ਨੇ ਸਮਾਚਾਰ ਏਜੰਸੀ ਪੀਟੀਆਈ ਨੂੰ ਕਿਹਾ, "ਦੇਸ਼ ਦੇ ਕਿਸੇ ਹਿੱਸੇ ਵਿੱਚ ਵਿਰੋਧ ਪ੍ਰਦਰਸ਼ਨ ਜਾਂ ਅੰਦੋਲਨ ਕਾਰਨ ਇੱਕੋ ਸਮੇਂ ਇੰਨੀ ਵੱਡੀ ਗਿਣਤੀ ਵਿੱਚ ਰੇਲ ਗੱਡੀਆਂ ਰੱਦ ਕੀਤੇ ਜਾਣ ਦੀ ਕੋਈ ਪਿਛਲੀ ਉਦਾਹਰਣ ਉਨ੍ਹਾਂ ਨੂੰ ਯਾਦ ਨਹੀਂ ਹੈ।"

ਉਨ੍ਹਾਂ ਕਿਹਾ ਕਿ ਅਚਾਨਕ ਰੇਲ ਗੱਡੀਆਂ ਰੱਦ ਹੋਣ ਕਾਰਨ ਹਜ਼ਾਰਾਂ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਦੂਜੇ ਪਾਸੇ, ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀਐਮਆਰਸੀ) ਨੇ ਵੀ 45 ਮੈਟਰੋ ਸਟੇਸ਼ਨਾਂ ਦੇ ਐਂਟਰੀ ਅਤੇ ਐਗਜ਼ਿਟ ਗੇਟ ਬੰਦ ਕਰ ਦਿੱਤੇ ਹਨ।

ਪ੍ਰਦਰਸ਼ਨ ਤੋਂ ਠੀਕ ਪਹਿਲਾਂ ਜੰਤਰ-ਮੰਤਰ ਦਾ ਕੀ ਹੈ ਹਾਲ, ਤਸਵੀਰਾਂ ਵਿੱਚ ਦੇਖੋ

ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ ਪੁਲਿਸ ਨੇ ਜੰਤਰ-ਮੰਤਰ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਸੁਰੱਖਿਆ ਬਲਾਂ ਦੀ ਤਾਇਨਾਤੀ ਅਤੇ ਪਾਬੰਦੀਆਂ ਵਧਾ ਦਿੱਤੀਆਂ ਹਨ
ਤਸਵੀਰ ਕੈਪਸ਼ਨ, ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ ਪੁਲਿਸ ਨੇ ਜੰਤਰ-ਮੰਤਰ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਸੁਰੱਖਿਆ ਬਲਾਂ ਦੀ ਤਾਇਨਾਤੀ ਅਤੇ ਪਾਬੰਦੀਆਂ ਵਧਾ ਦਿੱਤੀਆਂ ਹਨ

ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ ਪੁਲਿਸ ਨੇ ਜੰਤਰ-ਮੰਤਰ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਸੁਰੱਖਿਆ ਬਲਾਂ ਦੀ ਤਾਇਨਾਤੀ ਅਤੇ ਪਾਬੰਦੀਆਂ ਵਧਾ ਦਿੱਤੀਆਂ ਹਨ।

ਸਮਾਚਾਰ ਏਜੰਸੀ ਏਐਨਆਈ ਨੇ ਕੁਝ ਤਸਵੀਰਾਂ ਜਾਰੀ ਕੀਤੀਆਂ ਹਨ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ, ਸੁਰੱਖਿਆ ਬਲ ਅਤੇ ਪੁਲਿਸ ਵੈਨਾਂ ਦਿਖਾਈ ਦੇ ਰਹੀਆਂ ਹਨ।

ਦਰਅਸਲ, ਸੀਜੇਪੀ ਦੀ ਅਗਵਾਈ ਹੇਠ ਹੋਣ ਵਾਲੇ ਇਸ ਪ੍ਰਦਰਸ਼ਨ ਲਈ ਇਜਾਜ਼ਤ ਨਹੀਂ ਮਿਲੀ ਸੀ। ਹਾਲਾਂਕਿ, ਸੀਜੇਪੀ ਆਗੂਆਂ ਦਾ ਕਹਿਣਾ ਹੈ ਕਿ ਉਹ ਜੰਤਰ-ਮੰਤਰ ਪਹੁੰਚਣਗੇ।

ਜੰਤਰ-ਮੰਤਰ 'ਤੇ ਭਾਰੀ ਬਲ ਤਾਇਨਾਤ

ਪਾਰਟੀ ਦੇ ਸਹਿ-ਸੰਯੋਜਕ ਆਸ਼ੂਤੋਸ਼ ਰਾਂਕਾ ਨੇ ਸ਼ੁੱਕਰਵਾਰ ਰਾਤ ਨੂੰ ਕਿਹਾ ਸੀ ਕਿ ਉਹ ਇਤਿਹਾਸ ਰਚਣਗੇ।

ਆਸ਼ੂਤੋਸ਼ ਰਾਂਕਾ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਲਿਖਿਆ ਸੀ, "ਡਿਯਰ ਕਾਕਰੋਚੇਜ਼! ਮੈਨੂੰ ਮਾਣ ਹੈ ਕਿ ਅਸੀਂ ਸਾਰਿਆਂ ਨੇ ਹੁਣ ਤੱਕ ਕਿੰਨਾ ਲੰਮਾ ਸਫ਼ਰ ਤੈਅ ਕੀਤਾ ਹੈ। ਭਾਵੇਂ ਕੁਝ ਵੀ ਹੋ ਜਾਵੇ, ਅਸੀਂ ਇਤਿਹਾਸ ਜ਼ਰੂਰ ਰਚਾਂਗੇ!"

ਉਨ੍ਹਾਂ ਲਿਖਿਆ, "ਬਸ ਇੱਕ ਗੱਲ ਯਾਦ ਰੱਖਣਾ—ਹੱਥ ਵਿੱਚ ਸੰਵਿਧਾਨ ਅਤੇ ਦਿਲ ਵਿੱਚ ਗਾਂਧੀ। ਕੁਝ ਵੀ ਹੋ ਜਾਵੇ, ਸਾਡਾ ਹੱਥ ਨਹੀਂ ਉੱਠੇਗਾ। ਭਾਰਤ ਮਾਤਾ ਦੀ ਜੈ।"

ਉਨ੍ਹਾਂ ਤੋਂ ਇਲਾਵਾ, ਸੀਜੇਪੀ ਦੇ ਸੰਸਥਾਪਕ ਅਭਿਜੀਤ ਦੀਪਕੇ, ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ, ਸਮਾਜਿਕ-ਸਿਆਸੀ ਕਾਰਕੁਨ ਯੋਗੇਂਦਰ ਯਾਦਵ, ਆਇਸਾ ਦੇ ਪ੍ਰਧਾਨ ਨੇਹਾ ਬੋਰਾ ਅਤੇ ਮਸ਼ਹੂਰ ਯੂਟਿਊਬਰ ਧਰੁਵ ਰਾਠੀ ਨੇ ਵੀ ਲੋਕਾਂ ਨੂੰ ਇਕੱਠੇ ਹੋਣ ਦੀ ਅਪੀਲ ਕੀਤੀ ਹੈ।

ਸੀਜੇਪੀ ਦੇ ਪ੍ਰਦਰਸ਼ਨ ਵਿੱਚ ਕਿਹੜੀਆਂ ਧਿਰਾਂ ਹੋਣਗੀਆਂ ਸ਼ਾਮਿਲ

ਕਾਕਰੋਚ ਜਨਤਾ ਪਾਰਟੀ ਨੇ ਸ਼ਨੀਵਾਰ ਨੂੰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਦਾ ਸੱਦਾ ਦਿੱਤਾ ਹੋਇਆ ਹੈ। ਪਾਰਟੀ ਨੇ ਸਾਰੇ ਵਿਰੋਧੀ ਦਲਾਂ ਨੂੰ ਇਸ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਸੀ।

ਖੱਬੇ ਪੱਖੀ ਪਾਰਟੀਆਂ (ਸੀਪੀਐੱਮ, ਸੀਪੀਆਈ, ਸੀਪੀਆਈ-ਐੱਮਐੱਲ, ਆਰਐੱਸਪੀ ਅਤੇ ਆਲ ਇੰਡੀਆ ਫਾਰਵਰਡ ਬਲਾਕ), ਆਮ ਆਦਮੀ ਪਾਰਟੀ ਅਤੇ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਤ੍ਰਿਣਮੂਲ ਕਾਂਗਰਸ ਇਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣਗੀਆਂ। ਹਾਲਾਂਕਿ, ਕਾਂਗਰਸ ਇਸ ਪ੍ਰਦਰਸ਼ਨ ਤੋਂ ਦੂਰੀ ਬਣਾ ਕੇ ਰੱਖ ਰਹੀ ਹੈ। ਰਾਹੁਲ ਗਾਂਧੀ ਸ਼ਨੀਵਾਰ ਨੂੰ 'ਵਿਦਿਆਰਥੀਆਂ ਦੀ ਗੂੰਜ' ਦੇ ਅਗਲੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਚੇਨੱਈ ਵਿੱਚ ਹੋਣਗੇ।

ਉੱਥੇ ਹੀ, ਅਖਿਲੇਸ਼ ਯਾਦਵ ਨੇ ਸ਼ੁੱਕਰਵਾਰ ਨੂੰ ਹੀ ਕਹਿ ਦਿੱਤਾ ਸੀ ਕਿ ਉਨ੍ਹਾਂ ਦੀ ਪਾਰਟੀ ਦਾ ਸੀਜੇਪੀ ਨੂੰ ਨੈਤਿਕ ਸਮਰਥਨ ਹੈ।

ਸੀਜੇਪੀ ਨੇ 10 ਅਕਤੂਬਰ ਨੂੰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ
ਤਸਵੀਰ ਕੈਪਸ਼ਨ, ਸੀਜੇਪੀ ਨੇ 10 ਅਕਤੂਬਰ ਨੂੰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ

ਹੁਣ ਤੱਕ ਦਾ ਅਹਿਮ ਘਟਨਾਕ੍ਰਮ

  • ਪਿਛਲੇ ਦਿਨੀਂ ਅੰਗਰੇਜ਼ੀ ਅਖ਼ਬਾਰ ਇੰਡੀਅਨ ਐਕਸਪ੍ਰੈੱਸ ਦੀ ਇੱਕ ਰਿਪੋਰਟ ਵਿੱਚ ਕਿਹਾ ਗਿਆ ਸੀ ਕਿ ਗਿਆਨੇਸ਼ ਕੁਮਾਰ ਨੇ ਚੋਣ ਕਮਿਸ਼ਨ ਵਿੱਚ ਦੋ ਹੋਰ ਚੋਣ ਕਮਿਸ਼ਨਰਾਂ ਨੂੰ ਨਜ਼ਰਅੰਦਾਜ਼ ਕਰਦੇ ਹੋਏ, ਐਸਆਈਆਰ ਨਾਲ ਜੁੜੇ ਕਈ ਫ਼ੈਸਲੇ ਲਏ ਸਨ।
  • ਇਸ ਰਿਪੋਰਟ ਤੋਂ ਚੋਣ ਕਮਿਸ਼ਨ ਨੇ ਬਾਅਦ 'ਚ ਇਸ ਮੁੱਦੇ 'ਤੇ ਸਪਸ਼ਟੀਕਰਨ ਵੀ ਦਿੱਤਾ, ਪਰ ਗਿਆਨੇਸ਼ ਕੁਮਾਰ ਖ਼ਿਲਾਫ਼ ਵਿਰੋਧੀ ਧਿਰ ਦੇ ਇਲਜ਼ਾਮ ਲਗਾਤਾਰ ਜਾਰੀ ਹਨ।
  • ਗਿਆਨੇਸ਼ ਕੁਮਾਰ 'ਤੇ ਵਿਰੋਧੀ ਪਾਰਟੀਆਂ, ਸਮਾਜਿਕ ਸੰਗਠਨਾਂ ਅਤੇ ਸੀਜੇਪੀ ਨੇ ਐਸਆਈਆਰ ਰਾਹੀਂ ਕਈ ਵੋਟਰਾਂ ਤੋਂ ਉਨ੍ਹਾਂ ਦੇ ਵੋਟ ਪਾਉਣ ਦੇ ਅਧਿਕਾਰ ਖੋਹਣ ਦਾ ਇਲਜ਼ਾਮ ਲਾਇਆ ਹੈ।
  • ਸੀਜੇਪੀ ਨੇ 10 ਅਕਤੂਬਰ ਨੂੰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ।
  • ਇਸੇ ਸਿਲਸਿਲੇ ਵਿੱਚ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਨੇ ਇਲਜ਼ਾਮ ਲਾਇਆ ਕਿ ਦੇਸ਼ ਭਰ ਵਿੱਚੋਂ ਉਸ ਦੇ 10 ਹਜ਼ਾਰ ਸਮਰਥਕਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।
  • ਸੀਜੇਪੀ ਦੇ ਸਹਿ-ਸੰਸਥਾਪਕ ਸੌਰਵ ਦਾਸ ਨੇ ਐਕਸ 'ਤੇ ਲਿਖਿਆ, "ਭਾਰਤ ਵਿੱਚ ਐਮਰਜੈਂਸੀ ਲਾ ਦਿੱਤੀ ਗਈ ਹੈ''।
  • ਸੀਜੇਪੀ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਵੀਰਵਾਰ ਨੂੰ ਐਕਸ 'ਤੇ ਇੱਕ ਪੋਸਟ ਵਿੱਚ ਦਾਅਵਾ ਕੀਤਾ, "ਤੇਲੰਗਾਨਾ ਦੇ ਸੀਜੇਪੀ ਕਾਰਕੁਨਾਂ ਨੂੰ ਭੋਪਾਲ ਵਿੱਚ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਮੱਧ ਪ੍ਰਦੇਸ਼ ਪੁਲਿਸ ਨੇ ਉਨ੍ਹਾਂ ਨੂੰ ਰੇਲ ਗੱਡੀ ਵਿੱਚੋਂ ਹਿਰਾਸਤ ਵਿੱਚ ਲਿਆ ਹੈ। ਇਹ ਸਪਸ਼ਟ ਤੌਰ 'ਤੇ ਦਿਖਾਉਂਦਾ ਹੈ ਕਿ ਮੋਦੀ ਇੱਕ ਤਾਨਾਸ਼ਾਹ ਹਨ।"
ਕਾਂਗਰਸ ਦੇ ਸੰਸਦ ਮੈਂਬਰ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਤੋਂ ਬਾਅਦ ਉਨ੍ਹਾਂ ਦਾ ਧੰਨਵਾਦ ਕੀਤਾ ਹੈ
ਤਸਵੀਰ ਕੈਪਸ਼ਨ, ਕਾਂਗਰਸ ਦੇ ਸੰਸਦ ਮੈਂਬਰ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਤੋਂ ਬਾਅਦ ਉਨ੍ਹਾਂ ਦਾ ਧੰਨਵਾਦ ਕੀਤਾ ਹੈ
  • ਦੂਜੇ ਪਾਸੇ ਪਾਸੇ, ਰੇਲਵੇ ਨੇ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ ਆਉਣ-ਜਾਣ ਵਾਲੀਆਂ ਦਰਜਨਾਂ ਰੇਲ ਗੱਡੀਆਂ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ।
  • ਰੱਦ ਕੀਤੀਆਂ ਰੇਲ ਗੱਡੀਆਂ ਵਿੱਚ ਦਿੱਲੀ ਅਤੇ ਆਲੇ-ਦੁਆਲੇ ਦੇ ਇਲਾਕਿਆਂ ਨੂੰ ਜੋੜਨ ਵਾਲੀਆਂ ਲੋਕਲ ਰੇਲ ਗੱਡੀਆਂ ਤੋਂ ਇਲਾਵਾ ਕੋਲਕਾਤਾ, ਮੁੰਬਈ, ਪਟਨਾ, ਲਖਨਊ ਅਤੇ ਹੋਰ ਸ਼ਹਿਰਾਂ ਨਾਲ ਜੁੜੀਆਂ ਲੰਬੀ ਦੂਰੀ ਦੀਆਂ ਰੇਲ ਗੱਡੀਆਂ ਵੀ ਸ਼ਾਮਲ ਹਨ।
  • ਹਾਲਾਂਕਿ, ਸੁਪਰੀਮ ਕੋਰਟ ਨੇ ਸੀਜੇਪੀ ਅਤੇ ਵਿਰੋਧੀ ਪਾਰਟੀਆਂ ਦੇ 10 ਅਕਤੂਬਰ ਦੇ ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ ਆਉਣ ਵਾਲੀਆਂ ਰੇਲ ਗੱਡੀਆਂ ਅਤੇ ਮੈਟਰੋ ਸੇਵਾਵਾਂ 'ਤੇ ਪੂਰੀ ਤਰ੍ਹਾਂ ਪਾਬੰਦੀ ਲਾਉਣ ਦੀ ਬਜਾਏ, ਉਨ੍ਹਾਂ ਨੂੰ ਨਿਯੰਤਰਿਤ ਢੰਗ ਨਾਲ ਚਲਾਉਣ ਦੇ ਨਿਰਦੇਸ਼ ਦਿੱਤੇ।
  • ਬੀਤੇ ਦਿਨੀਂ, ਕਾਂਗਰਸ ਦੇ ਸੰਸਦ ਮੈਂਬਰ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਤੋਂ ਬਾਅਦ ਉਨ੍ਹਾਂ ਦਾ ਧੰਨਵਾਦ ਕੀਤਾ ਹੈ।
  • ਰਾਹੁਲ ਗਾਂਧੀ ਨੇ ਕਿਹਾ, "ਅਸੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਦਿੱਤਾ ਅਤੇ ਕਿਹਾ ਕਿ ਅਮਿਤ ਸ਼ਾਹ ਅਤੇ ਗਿਆਨੇਸ਼ ਕੁਮਾਰ ਨੇ ਦੇਸ਼ ਦੇ ਲੋਕਤੰਤਰ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਰਚੀ ਹੈ। ਮੈਨੂੰ ਲੱਗ ਰਿਹਾ ਸੀ ਕਿ ਰਾਸ਼ਟਰਪਤੀ ਕਹਿਣਗੇ ਕਿ ਚੋਣਾਂ ਵਿੱਚ ਚੋਰੀ ਨਹੀਂ ਹੁੰਦੀ। ਪਰ ਰਾਸ਼ਟਰਪਤੀ ਨੇ ਸਾਡੀਆਂ ਗੱਲਾਂ ਸੁਣੀਆਂ। ਉਨ੍ਹਾਂ ਨੇ ਸਾਡੀਆਂ ਗੱਲਾਂ ਨੂੰ ਨਕਾਰਿਆ ਨਹੀਂ। ਅਸੀਂ ਹੈਰਾਨ ਰਹਿ ਗਏ। ਉਨ੍ਹਾਂ ਨੇ ਇਹ ਨਹੀਂ ਕਿਹਾ ਕਿ ਭਾਰਤ ਵਿੱਚ ਚੋਣਾਂ ਦੀ ਚੋਰੀ ਨਹੀਂ ਹੋ ਰਹੀ ਹੈ।"
  • ਇਸ ਤੋਂ ਪਹਿਲਾਂ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਮੀਟਿੰਗ ਕੀਤੀ ਅਤੇ ਰਾਸ਼ਟਰਪਤੀ ਭਵਨ ਵੱਲ ਮਾਰਚ ਕੀਤਾ।
  • ਰਾਹੁਲ ਗਾਂਧੀ ਨੇ ਰਾਸ਼ਟਰਪਤੀ ਭਵਨ ਤੋਂ ਬਾਹਰ ਆ ਕੇ ਕਿਹਾ, "ਸਾਨੂੰ ਚੋਣਾਂ ਵਿੱਚ ਚੋਰੀ ਦੇ ਸਬੂਤ ਦੇਣੇ ਹਨ। ਮੈਂ ਕਿਹਾ ਕਿ ਪੂਰਾ ਦੇਸ਼ ਜਾਣਦਾ ਹੈ ਕਿ ਚੋਣਾਂ ਵਿੱਚ ਚੋਰੀ ਹੋ ਰਹੀ ਹੈ।"
  • ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਨਾਲ ਵਿਰੋਧੀ ਧਿਰਾਂ ਦਾ ਪ੍ਰਦਰਸ਼ਨ ਵੀ ਜਾਰੀ ਹੈ।

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER, WhatsApp ਅਤੇ YouTube 'ਤੇ ਜੁੜੋ।)