ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਬਣੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸਰਬਸੰਮਤੀ ਨਾਲ ਚੁਣੇ ਗਏ

ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਤਸਵੀਰ ਕੈਪਸ਼ਨ, ਇਜਲਾਸ ਦੌਰਾਨ ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨ ਚੁਣਿਆ ਗਿਆ ਹੈ
ਪ੍ਰਕਾਸ਼ਿਤ
ਪੜ੍ਹਨ ਦਾ ਸਮਾਂ: 6 ਮਿੰਟ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਇੱਕ ਵਾਰ ਫਿਰ ਤੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪ ਦਿੱਤੀ ਗਈ ਹੈ। ਉਹ ਛੇਵੀਂ ਵਾਰ ਇਸ ਅਹੁਦੇ ਲਈ ਚੁਣੇ ਗਏ ਹਨ।

ਬੀਬੀਸੀ ਸਹਿਯੋਗੀ ਰਵਿੰਦਰ ਸਿੰਘ ਰੌਬਿਨ ਮੁਤਾਬਕ, ਸਰਬਸੰਮਤੀ ਨਾਲ ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨ ਚੁਣਿਆ ਗਿਆ ਹੈ।

ਤੇਜਾ ਸਿੰਘ ਸਮੁੰਦਰੀ ਹਾਲ 'ਚ ਚੋਣ ਸਬੰਧੀ ਹੋਈ ਇਕੱਤਰਤਾ ਦੌਰਾਨ ਹਰਜਿੰਦਰ ਸਿੰਘ ਧਾਮੀ ਨੇ ਪੁੱਛਿਆ ਕਿ ਜੇਕਰ ਕੋਈ ਵਿਅਕਤੀ ਇਸ ਅਹੁਦੇ ਲਈ ਆਪਣਾ ਨਾਮ ਅੱਗੇ ਰੱਖਣਾ ਚਾਹੁੰਦਾ ਹੋਵੇ ਤਾਂ ਰੱਖ ਸਕਦਾ ਹੈ, ਪਰ ਕਿਸੇ ਨੇ ਆਪਣਾ ਨਾਮ ਨਹੀਂ ਰੱਖਿਆ।

ਹਰਜਿੰਦਰ ਸਿੰਘ ਧਾਮੀ ਨੇ ਇਸ ਦੌਰਾਨ ਏਕਤਾ ਦਿਖਾਉਣ ਲਈ ਸਭ ਦਾ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ''ਐਸਜੀਪੀਸੀ ਦੇ ਸਾਰੇ ਮੈਂਬਰ ਸਾਹਿਬਾਨਾਂ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਇੱਕਸੁਰਤਾ ਦਾ ਸਬੂਤ ਦੇਕੇ ਬੋਝ ਹੋਰ ਵਧ ਦਿੱਤਾ ਹੈ।''

ਇਸ ਦੌਰਾਨ ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਬਖਸ਼ ਸਿੰਘ ਖਾਲਸਾ ਨੂੰ ਜੂਨੀਅਰ ਮੀਤ ਪ੍ਰਧਾਨ ਅਤੇ ਗੁਰਪ੍ਰੀਤ ਸਿੰਘ ਝੱਬਰ ਜਨਰਲ ਸਕੱਤਰ ਚੁਣਿਆ ਗਿਆ।

ਲੰਮੇ ਅਰਸੇ ਤੋਂ ਸਿੱਖ ਸੰਸਥਾ ਨਾਲ ਜੁੜੇ ਧਾਮੀ, 1996 ਵਿੱਚ ਸ਼ਾਮਚੁਰਾਸੀ ਹਲਕੇ ਤੋਂ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਮੈਂਬਰ ਦੇ ਬਣੇ ਸਨ ਅਤੇ ਉਦੋਂ ਤੋਂ ਹੁਣ ਤੱਕ ਲਗਾਤਾਰ ਮੈਂਬਰ ਬਣਦੇ ਆ ਰਹੇ ਹਨ।

ਵਕੀਲ ਤੋਂ ਪ੍ਰਧਾਨ ਤੱਕ ਦਾ ਸਫ਼ਰ

ਹਰਜਿੰਦਰ ਸਿੰਘ ਧਾਮੀ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਜਨਮ 28 ਅਗਸਤ 1956 'ਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਪਿੱਪਲਾਂ ਵਾਲਾ ਵਿਖੇ ਹੋਇਆ। ਉਹ ਪੰਜਾਬ ਦੇ ਦੋਆਬਾ ਖੇਤਰ ਨਾਲ ਸਬੰਧ ਰੱਖਦੇ ਹਨ।

ਉਨ੍ਹਾਂ ਨੇ ਬੀਏ, ਐਲਐਲਬੀ ਦੀ ਡਿਗਰੀ ਪ੍ਰਾਪਤ ਕੀਤੀ ਹੈ ਅਤੇ ਪਿਛਲੇ ਚਾਰ ਦਹਾਕਿਆਂ ਤੋਂ ਵਕਾਲਤ ਦੇ ਪੇਸ਼ੇ ਨਾਲ ਜੁੜੇ ਹੋਏ ਹਨ।

ਧਾਮੀ 1996 ਵਿੱਚ ਸ਼ਾਮਚੁਰਾਸੀ ਹਲਕੇ ਤੋਂ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਮੈਂਬਰ ਦੇ ਬਣੇ ਸਨ ਅਤੇ ਉਦੋਂ ਤੋਂ ਹੁਣ ਤੱਕ ਲਗਾਤਾਰ ਮੈਂਬਰ ਬਣਦੇ ਆ ਰਹੇ ਹਨ।

ਇਸ ਦੇ ਨਾਲ ਹੀ ਧਾਮੀ ਧਰਮ ਪ੍ਰਚਾਰ ਦੇ ਮੈਂਬਰ ਵੀ ਰਹੇ ਅਤੇ ਅੰਤ੍ਰਿੰਗ ਮੈਂਬਰ ਵੀ ਬਣੇ।

ਇਜਲਾਸ ਦੀ ਤਸਵੀਰ

ਉਹ 2019 ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਚੁਣੇ ਗਏ ਅਤੇ ਫਿਰ 2020 ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਦੇ ਪ੍ਰਬੰਧਕੀ ਅਹੁਦੇ 'ਤੇ ਸੇਵਾ ਨਿਭਾਈ।

ਨਵੰਬਰ 2021 ਵਿੱਚ ਉਨ੍ਹਾਂ ਨੇ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦਾ ਅਹੁਦਾ ਸੰਭਾਲਿਆ ਅਤੇ ਹੁਣ ਇਸ ਅਹੁਦੇ ਉੱਤੇ ਲਗਾਤਾਰ ਛੇਵੀਂ ਵਾਰ ਚੁਣੇ ਗਏ ਹਨ।

ਉਹ ਸਿੱਖ ਸਰੋਕਾਰਾਂ ਦੀ ਡੂੰਘੀ ਪਕੜ ਰੱਖਦੇ ਹਨ ਅਤੇ ਅਕਸਰ ਹੀ ਸਿੱਖ ਪੰਥ ਨਾਲ ਜੁੜੇ ਮਸਲਿਆਂ 'ਤੇ ਖੁੱਲ੍ਹ ਕੇ ਆਪਣੇ ਵਿਚਾਰ ਰੱਖਦੇ ਆਏ ਹਨ।

ਜਦੋਂ ਪ੍ਰਧਾਨਗੀ ਤੋਂ ਦਿੱਤੀ ਸੀ ਅਸਤੀਫਾ

ਹਰਜਿੰਦਰ ਸਿੰਘ ਧਾਮੀ ਦੀ ਪੁਰਾਣੀ ਤਸਵੀਰ
ਤਸਵੀਰ ਕੈਪਸ਼ਨ, ਹਰਜਿੰਦਰ ਸਿੰਘ ਧਾਮੀ ਦੀ ਪੁਰਾਣੀ ਤਸਵੀਰ

ਫਰਵਰੀ 2025 ਵਿੱਚ ਹਰਜਿੰਦਰ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਸ ਵੇਲੇ ਉਹ ਲਗਾਤਾਰ ਚੌਥੀ ਵਾਰ ਇਹ ਅਹੁਦੇ ਉੱਤੇ ਸਨ।

ਹਰਜਿੰਦਰ ਸਿੰਘ ਧਾਮੀ ਦਾ ਇਹ ਅਸਤੀਫਾ ਤਖ਼ਤ ਦਮਦਮਾ ਸਾਹਿਬ ਦੇ ਉਸ ਵੇਲੇ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫੇ ਤੋਂ ਕੁਝ ਦਿਨ ਬਾਅਦ ਦਿੱਤਾ ਗਿਆ ਸੀ।

ਆਪਣੇ ਅਸਤੀਫੇ ਦਾ ਐਲਾਨ ਕਰਦਿਆਂ ਧਾਮੀ ਨੇ ਕਿਹਾ ਸੀ, ''ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫੇ ਬਾਰੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੋਸ਼ਲ ਮੀਡੀਆ ਪੋਸਟ ਪਾਕੇ ਨਿੰਦਾ ਕੀਤੀ। ਜਿਸ ਦੀ ਮੈਂ ਨੈਤਿਕ ਤੌਰ ਉੱਤੇ ਜਿੰਮੇਵਾਰੀ ਲੈਂਦਾ ਹਾਂ। ਭਾਵੇਂ ਕਿ ਇਹ ਫੈਸਲਾ ਕਾਰਜਕਾਰਨੀ ਦੇ 14 ਮੈਂਬਰਾਂ ਨਾਲ ਚਰਚਾ ਤੋਂ ਬਾਅਦ ਲਿਆ ਗਿਆ ਸੀ।''

ਅਕਾਲ ਤਖ਼ਤ ਸਾਹਿਬ ਦੇ ਉਸ ਵੇਲੇ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਸੀ, ''ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਜਿਵੇਂ ਸੇਵਾਵਾਂ ਖ਼ਤਮ ਕੀਤੀਆਂ ਗਈਆਂ ਹਨ, ਉਹ ਬੇਹੱਦ ਮੰਦਭਾਗਾ ਤੇ ਨਿੰਦਣਯੋਗ ਹੈ। ਜਥੇਦਾਰ ਖਿਲਾਫ਼ ਜਾਂਚ ਕਰਨ ਦਾ ਅਧਿਕਾਰ ਸਿਰਫ਼ ਅਕਾਲ ਤਖ਼ਤ ਨੂੰ ਹੀ ਹੈ। ਉਹ ਵਾਪਰੇ ਘਟਨਾਕ੍ਰਮ ਤੋਂ ਬੇਹੱਦ ਦੁਖੀ ਹਨ।''

ਹਾਲਾਂਕਿ ਬਾਅਦ ਵਿੱਚ ਮਾਰਚ 2025 ਵਿੱਚ ਹੀ ਉਨ੍ਹਾਂ ਨੇ ਆਪਣਾ ਅਸਤੀਫਾ ਵਾਪਿਸ ਵੀ ਲੈ ਲਿਆ ਸੀ।

ਇਸ ਦੌਰਾਨ ਉਨ੍ਹਾਂ ਕਿਹਾ ਸੀ ''ਐਸਜੀਪੀਸੀ ਦੇ ਵੱਖ-ਵੱਖ ਮੈਂਬਰਾਂ, ਸਿੰਘ ਸਾਹਿਬਾਨ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੈਨੂੰ ਵਾਰ-ਵਾਰ ਅਸਤੀਫਾ ਵਾਪਿਸ ਲੈਣ ਲਈ ਕਿਹਾ ਜਾ ਰਿਹਾ ਸੀ। ਮੇਰਾ ਅਸਤੀਫਾ ਵੀ ਨਾਮਨਜ਼ੂਰ ਕਰ ਦਿਤਾ ਗਿਆ ਹੈ ਅਤੇ ਅੱਜ ਐਸਜੀਪੀਸੀ ਦੇ ਬਹੁਤ ਸਾਰੇ ਮੈਂਬਰ, ਸੁਖਬੀਰ ਸਿੰਘ ਬਾਦਲ ਅਤੇ ਹੋਰ ਮੈਂਬਰ ਇੱਥੇ ਪਹੁੰਚੇ ਹਨ। ਇਨ੍ਹਾਂ ਸਾਰਿਆਂ ਦੇ ਹੁਕਮ ਮੁਤਾਬਕ 3-4 ਚਾਰ ਦਿਨਾਂ ਵਿੱਚ ਮੈਂ ਆਪਣੀ ਸੇਵਾ ਦੁਬਾਰਾ ਸੰਭਾਲ ਲਵਾਂਗਾ।''

ਗਿਆਨੀ ਹਰਪ੍ਰੀਤ ਸਿੰਘ ਦਾ ਕੀ ਮਸਲਾ ਸੀ

ਹਰਪ੍ਰੀਤ ਸਿੰਘ ਇੱਕ ਸਮਾਗਮ ਨੂੰ ਸੰਬੋਧਨ ਕਰਦੇ ਹੋਏ

ਗਿਆਨੀ ਹਰਪ੍ਰੀਤ ਸਿੰਘ 17 ਅਕਤੂਬਰ 2024 ਤੱਕ ਸਿੱਖਾਂ ਦੀ ਸਿਰਮੌਰ ਸੰਸਥਾ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਨ। ਪਰ ਵਿਰਸਾ ਸਿੰਘ ਵਲਟੋਹਾ ਸਣੇ ਕਈ ਅਕਾਲੀ ਆਗੂ ਉਨ੍ਹਾਂ ਉੱਤੇ ਨਿੱਜੀ ਅਤੇ ਸਿੱਖੀ ਸਿਧਾਂਤਾਂ ਖਿਲਾਫ਼ ਕੰਮ ਕਰਨ ਦੇ ਇਲਜ਼ਾਮ ਲਾਉਂਦੇ ਸਨ।

ਜਿਸ ਨੂੰ ਆਪਣੇ ਖਿਲਾਫ਼ ਸਾਜਿਸ਼ ਦੱਸਦਿਆਂ ਹਰਪ੍ਰੀਤ ਸਿੰਘ ਨੇ ਅਕਾਲ ਤਖ਼ਤ ਦੇ ਜਥੇਦਾਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਹਰਪ੍ਰੀਤ ਸਿੰਘ ਨੇ ਬਕਾਇਦਾ ਪ੍ਰੈਸ ਕਾਨਫਰੰਸ ਕਰ ਕੇ ਉਨ੍ਹਾਂ ਦੀ ਕਿਰਦਾਰਕੁਸ਼ੀ ਕੀਤੇ ਜਾਣ ਉੱਤੇ ਦੁੱਖ ਪ੍ਰਗਟਾਇਆ ਸੀ।

ਕਿਹੜੇ ਮਤੇ ਪਾਏ ਗਏ

ਐੱਸਜੀਪੀਸੀ ਦਾ ਜਨਰਲ ਇਜਲਾਸ

ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੁਝ ਮਤੇ ਵੀ ਪਾਏ ਗਏ। ਮਤਿਆਂ ਦੌਰਾਨ ਪੰਜਾਬ 'ਚ ਵਧਦੇ ਨਸ਼ਿਆਂ ਪ੍ਰਤੀ ਚਿੰਤਾ ਪ੍ਰਗਟਾਈ ਗਈ ਅਤੇ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕੇ ਗਏ। ਜਨਰਲ ਇਜਲਾਸ ਦੌਰਾਨ ਨਸ਼ਿਆਂ ਦੇ ਖਾਤਮੇ ਲਈ ਪ੍ਰਭਾਵਸ਼ਾਲੀ ਕਾਰਵਾਈ, ਪੀੜਤਾਂ ਦੇ ਇਲਾਜ, ਮੁੜ ਵਸੇਬਾ, ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੋੜਨ ਅਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਵਿਆਪਕ ਲਹਿਰ ਲਚਾਉਣ ਦੀ ਵੱਡੀ ਲੋੜ ਦੀ ਗੱਲ ਕਹੀ ਗਈ।

ਇਸ ਦੇ ਇਲਾਵਾ ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ 2026 ਵਿਚਲੀਆਂ ਖਾਮੀਆਂ ਨੂੰ ਦੂਰ ਕਰਨ ਲਈ ਸਰਕਾਰ ਨੂੰ ਇਤਰਾਜ਼ ਵਾਲੀਆਂ ਮਦਾਂ ਤੁਰੰਤ ਹਟਾਉਣ ਲਈ ਕਿਹਾ ਗਿਆ।

ਜਨਰਲ ਇਜਲਾਸ ਵੱਲੋਂ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਕਰਤਾਰਪੁਰ ਲਾਂਘਾ ਮੁੜ ਖੋਲ੍ਹਿਆ ਜਾਵੇ, ਪਾਕਿਸਤਾਨ ਸਥਿਤ ਇਤਿਹਾਸਿਕ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਜਾਣ ਵਾਲੇ ਜਥਿਆਂ ਦੀ ਗਿਣਤੀ ਵਿੱਚ ਵਾਧਾ ਕੀਤਾ ਜਾਵੇ ਅਤੇ ਨਾਲ ਹੀ ਵੱਧ ਤੋਂ ਵੱਧ ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਜਾਣ। ਨਾਲ ਹੀ ਇਹ ਮੰਗ ਵੀ ਕੀਤੀ ਗਈ ਕਿ ਗੁਰੂ ਨਾਨਕ ਦੇਵ ਜੀ ਦੇ ਜੋਤਿ-ਜੋਤ ਦਿਵਸ, ਗੁਰੂ ਰਾਮਦਾਜ ਜੀ ਦੇ ਪ੍ਰਕਾਸ਼ ਪੁਰਬ ਅਤੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਦਿਹਾੜੇ ਮੌਕੇ ਵੀ ਜਥੇ ਭੇਜੇ ਜਾਣ ਨੂੰ ਪ੍ਰਵਾਨਗੀ ਦਿੱਤੀ ਜਾਵੇ।

ਐੱਸਜੀਪੀਸੀ ਦੇ ਜਨਰਲ ਇਜਲਾਸ ਵੱਲੋਂ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿੱਚ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਮਾਮਲੇ 'ਚ ਯੋਗ ਆਦੇਸ਼ ਦੇਣ। ਇਸ ਦੇ ਨਾਲ ਹੀ ਜੇਲ੍ਹਾਂ 'ਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਸਬੰਧੀ ਫੈਸਲੇ ਲਈ ਵੀ ਮੰਗ ਕੀਤੀ ਗਈ।

ਭਾਰਤ ਸਰਕਾਰ ਤੋਂ ਮੰਗ ਕੀਤੀ ਗਈ ਕਿ ਐੱਸਜੀਪੀਸੀ ਦੀਆਂ ਜਨਰਲ ਚੋਣਾਂ ਲਈ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੇ ਨਾਲ-ਨਾਲ ਹਰਿਆਣਾ ਦੇ ਸਬੰਧਿਤ ਹਲਕਿਆਂ 'ਚ ਵੀ ਵੋਟਾਂ ਬਣਾ ਕੇ ਲੋੜੀਂਦੀ ਕਾਰਵਾਈ ਮੁਕੰਮਲ ਕਰਕੇ ਚੋਣਾਂ ਕਰਵਾਈਆਂ ਜਾਣ।

ਇਸਦੇ ਨਾਲ ਹੀ ਜਨਰਲ ਇਜਲਾਸ ਵੱਲੋਂ ਵਧਦੇ ਪ੍ਰਦੂਸ਼ਣ, ਧਰਮ ਦੇ ਅਧਾਰ 'ਤੇ ਵਿਤਕਰੇ, ਪੰਜਾਬੀ ਭਾਸ਼ਾ ਨਾਲ ਹੋ ਰਹੇ ਵਿਤਕਰੇ ਦਾ ਇਲਜ਼ਾਮ ਲਗਾ ਕੇ ਵੀ ਚਿੰਤਾ ਪ੍ਰਗਟਾਈ ਗਈ।

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER, WhatsApp ਅਤੇ YouTube 'ਤੇ ਜੁੜੋ।)