ਅਮ੍ਰਿਤਪਾਲ ਸਿੰਘ ਖ਼ਿਲਾਫ਼ ਕਿਹੜੇ ਮਾਮਲੇ ਦਰਜ ਹਨ, ਦੁਬਈ ਤੋਂ ਵਾਪਸੀ ਤੋਂ ਲੈ ਕੇ ਸੰਸਦ ਮੈਂਬਰ ਬਣਨ ਤੱਕ ਅਮ੍ਰਿਤਪਾਲ ਦਾ ਸਫ਼ਰ ਕਿਵੇਂ ਰਿਹਾ

ਤਸਵੀਰ ਸਰੋਤ, Dileep Sharma and Avik Chakraborty/BBC
ਖਡੂਰ ਸਾਹਿਬ ਤੋਂ ਐੱਮਪੀ ਅਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਅਦਾਲਤ ਵੱਲੋਂ ਤਿੰਨ ਘੰਟਿਆਂ ਲਈ ਦਾਦੀ ਦੇ ਅੰਤਿਮ ਸਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋਣ ਲਈ ਇਜਾਜ਼ਤ ਦਿੱਤੀ ਗਈ ਹੈ।
ਅਮ੍ਰਿਤਪਾਲ ਸਿੰਘ ਦੇ ਦਾਦੀ ਚਰਨ ਕੌਰ ਦਾ ਦੇਹਾਂਤ 8 ਨਵੰਬਰ ਨੂੰ ਹੋਇਆ ਸੀ ਜਿਸ ਤੋਂ ਬਾਅਦ ਪਰਿਵਾਰ ਵੱਲੋਂ ਅਦਾਲਤ ਵਿੱਚ ਉਨ੍ਹਾਂ ਨੂੰ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਦੀ ਇਜ਼ਾਜਤ ਦੇਣ ਲਈ ਅਰਜ਼ੀ ਦਿੱਤੀ ਸੀ। ਹੁਣ ਅਮ੍ਰਿਤਪਾਲ ਸਿੰਘ ਦੇ ਆਉਣ ਉੱਤੇ 21 ਨਵੰਬਰ ਨੂੰ ਸਸਕਾਰ ਕੀਤਾ ਜਾਵੇਗਾ।
ਅਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਦੇ ਪੰਜਾਬ ਪਹੁੰਚਣ ਤੋਂ ਪਹਿਲਾਂ ਜੱਦੀ ਪਿੰਡ ਜੱਲੂਪੁਰ ਵਿੱਚ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ।
ਅਮ੍ਰਿਤਪਾਲ ਸਿੰਘ ਦੁਪਹਿਰ 12 ਵਜੇ ਤੋਂ ਤਿੰਨ ਵਜੇ ਤੱਕ ਜੱਲੂਪੁਰ ਖੇੜਾ ਵਿੱਚ ਸਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋਣਗੇ। ਇਸ ਦੌਰਾਨ ਉਹ ਪੁਲਿਸ ਦੀ ਨਿਗਰਾਨੀ ਵਿੱਚ ਰਹਿਣਗੇ।
ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਵਜੋਂ ਦਸਤਾਰਬੰਦੀ ਸਮਾਗਮ ਤੋਂ ਲੈ ਕੇ ਡਿਬਰੂਗੜ੍ਹ ਜਾਣ ਤੱਕ ਦਾ ਅਮ੍ਰਿਤਪਾਲ ਸਿੰਘ ਦਾ ਸਮਾਂ ਕਾਫ਼ੀ ਵਿਵਾਦਾਂ ਭਰਿਆ ਰਿਹਾ।
ਉਹ ਆਪਣੇ ਗਰਮਸੁਰ ਵਾਲੇ ਭਾਸ਼ਣਾਂ ਅਤੇ ਗੁਰਦੁਆਰਿਆਂ ਵਿਚਲੇ ਬੈਂਚ ਸਾੜਨ ਤੇ ਅਜਨਾਲਾ ਥਾਣੇ ਅੱਗੇ ਹੋਈ ਹਿੰਸਾ ਕਾਰਨ ਵਿਵਾਦਾਂ ਵਿੱਚ ਆ ਗਏ।
ਐੱਨਐੱਸਏ ਲਗਾ ਕੇ ਡਿਬਰੂਗੜ੍ਹ ਭੇਜਣਾ

ਤਸਵੀਰ ਸਰੋਤ, Getty Images
ਅਜਨਾਲਾ ਹਿੰਸਾ ਤੋਂ ਬਾਅਦ ਅਮ੍ਰਿਤਪਾਲ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ 16 ਕੇਸ ਦਰਜ ਕੀਤੇ ਗਏ ਸਨ। ਉਨ੍ਹਾਂ ਉੱਤੇ ਐੱਨਐੱਸਏ ਵੀ ਲਗਾਇਆ ਗਿਆ ਸੀ।
ਅਜਨਾਲਾ ਹਿੰਸਾ ਮਾਮਲਾ ਫਰਵਰੀ 2023 ਦੀ ਉਸ ਘਟਨਾ ਨਾਲ ਸਬੰਧਤ ਹੈ, ਜਦੋਂ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅਤੇ ਮੌਜੂਦਾ ਸੰਸਦ ਮੈਂਬਰ ਅਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਮਰਥਕਾਂ ਨੇ ਆਪਣੇ ਇੱਕ ਸਾਥੀ ਦੀ ਰਿਹਾਈ ਲਈ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਪੁਲਿਸ ਥਾਣੇ ਦਾ ਘੇਰਾਓ ਕੀਤਾ ਸੀ। ਇਸ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਹੋਈ ਹਿੰਸਕ ਝੜਪ ਵਿੱਚ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਸਨ।
ਅਪ੍ਰੈਲ 2023 ਨੂੰ ਅਮ੍ਰਿਤਪਾਲ ਸਿੰਘ ਨੂੰ ਮੋਗਾ ਤੋਂ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ। ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਪੰਜਾਬ ਪੁਲਿਸ ਨੇ 18 ਮਾਰਚ, 2023 ਤੋਂ ਲੈ ਕੇ 23 ਅਪ੍ਰੈਲ, 2023 ਤੱਕ 30 ਤੋਂ ਵੱਧ ਦਿਨਾਂ ਦੀ ਗ੍ਰਿਫ਼ਤਾਰੀ ਮੁਹਿੰਮ ਚਲਾਈ ਸੀ।
ਅਮ੍ਰਿਤਪਾਲ ਸਿੰਘ ਖ਼ਿਲਾਫ਼ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨਐੱਸਏ) ਸਾਲ 2023 ਵਿੱਚ ਲਗਾਇਆ ਗਿਆ ਸੀ ਜਿਸ ਨੂੰ ਸਾਲ 2024 ਵਿੱਚ ਇੱਕ ਸਾਲ ਲਈ ਵਧਾ ਦਿੱਤਾ ਗਿਆ ਸੀ।
ਫਿਰ ਸਾਲ 2025 ਵਿੱਚ ਵੀ ਇਸ ਨੂੰ ਇੱਕ ਹੋਰ ਸਾਲ ਲਈ ਵਧਾ ਦਿੱਤਾ ਗਿਆ ਸੀ।
16 ਅਪ੍ਰੈਲ, 2026 ਨੂੰ ਹਾਈ ਕੋਰਟ ਵਿੱਚ ਅੰਮ੍ਰਿਤਸਰ ਦਿਹਾਤੀ ਦੇ ਐੱਸਐੱਸਪੀ ਵੱਲੋਂ ਅਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਇੱਕ ਪਟੀਸ਼ਨ ਪਾਈ ਗਈ ਸੀ। ਪਟੀਸ਼ਨ ਵਿੱਚ ਕਿਹਾ ਗਿਆ ਕਿ ਅਮ੍ਰਿਤਪਾਲ 24 ਫਰਵਰੀ 2023 ਨੂੰ ਦਰਜ ਹੋਈ 39 ਨੰਬਰ ਐੱਫ਼ਆਈਆਰ ਵਿੱਚ ਮੁਲਜ਼ਮ ਹਨ। ਇਹ ਐੱਫ਼ਆਈਆਰ ਅਜਨਾਲਾ ਥਾਣੇ ਵਿੱਚ ਆਰਜ਼ਮ ਐਕਟ, ਇਰਾਦਾ ਕਤਲ, ਦੰਗੇ ਅਤੇ ਹੋਰ ਕਈ ਧਾਰਵਾਂ ਤਹਿਤ ਦਰਜ ਹੈ।
ਅਪ੍ਰੈਲ, 2026 ਤੋਂ ਬਾਅਦ ਅਮ੍ਰਿਤਪਾਲ ਸਿੰਘ 'ਤੇ ਲੱਗੇ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨਐੱਸਏ) ਦੀ ਮਿਆਦ ਪੂਰੀ ਹੋ ਗਈ ਸੀ ਪਰ ਉਨ੍ਹਾਂ ਨੂੰ ਅਸਾਮ ਦੀ ਜੇਲ੍ਹ 'ਚ ਹੀ ਰੱਖਿਆ ਗਿਆ ਸੀ।
ਅਮ੍ਰਿਤਪਾਲ ਸਿੰਘ ਦੇ ਵਕੀਲ ਇਮਾਨ ਸਿੰਘ ਖਾਰਾ ਨੇ ਉਸ ਸਮੇਂ ਦੱਸਿਆ ਸੀ ਕਿ ਅਮ੍ਰਿਤਪਾਲ ਸਿੰਘ 'ਤੇ ਪੰਜਾਬ 'ਚ ਦਰਜ ਕਰੀਬ 12 ਕੇਸ ਚੱਲਣਗੇ।
ਯਾਨੀ ਐੱਨਐੱਸਏ ਖ਼ਤਮ ਹੋਣ ਦੇ ਬਾਵਜੂਦ ਵੀ ਅਮ੍ਰਿਤਪਾਲ ਸਿੰਘ ਨੂੰ ਰਿਹਾਈ ਨਹੀਂ ਮਿਲੀ ਸੀ, ਕਿਉਂਕਿ ਪੰਜਾਬ 'ਚ ਉਨ੍ਹਾਂ ਵਿਰੁੱਧ ਦਰਜ ਕੇਸ ਬਾਕੀ ਹਨ। ਇਨ੍ਹਾਂ ਵਿੱਚ ਮੁੱਖ ਕੇਸ ਅਜਨਾਲਾ ਥਾਣਾ ਉਪਰ ਹਮਲੇ ਦਾ ਕੇਸ ਹੈ।
ਅਜਨਾਲਾ ਥਾਣੇ 'ਤੇ 'ਹਮਲੇ' ਦੇ ਮਾਮਲੇ 'ਚ ਕੀ ਇਲਜ਼ਾਮ ਆਇਦ ਹੋਏ ਸਨ

ਫਰਵਰੀ 2023 ਵਿੱਚ ਅਜਨਾਲਾ ਥਾਣੇ ਉੱਤੇ ਕਥਿਤ ਤੌਰ 'ਤੇ ਹਮਲਾ ਕੀਤੇ ਜਾਣ ਦੇ ਮਾਮਲੇ ਵਿੱਚ ਅਦਾਲਤ ਵੱਲੋਂ ਅਮ੍ਰਿਤਪਾਲ ਸਿੰਘ ਉੱਤੇ ਮਈ 2026 ਵਿੱਚ ਇਲਜ਼ਾਮ ਆਇਦ ਕੀਤੇ ਗਏ।
ਅਮ੍ਰਿਤਪਾਲ ਸਿੰਘ ਦੇ ਵਕੀਲ ਵੱਲੋਂ ਅਮ੍ਰਿਤਪਾਲ ਸਿੰਘ ਨੂੰ ਅਜਨਾਲਾ ਥਾਣੇ ਨਾਲ ਜੁੜੇ ਕੇਸ ਵਿੱਚੋਂ ਡਿਸਚਾਰਜ ਕੀਤੇ ਜਾਣ ਲਈ ਅਰਜ਼ੀ ਪਾਈ ਗਈ ਸੀ।
ਐਡਿਸ਼ਨਲ ਸੈਸ਼ਨ ਜੱਜ ਅੰਮ੍ਰਿਤਸਰ ਵੱਲੋਂ ਇਸ ਨੂੰ ਡਿਸਪੋਜ਼ ਕਰ ਦਿੱਤਾ ਗਿਆ ਅਤੇ ਕਤਲ ਦੀ ਕੋਸ਼ਿਸ਼ (ਆਈਪੀਸੀ 307), ਸਰਕਾਰੀ ਨੌਕਰਾਂ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕਰਨਾ (ਆਈਪੀਸੀ 333), ਸਰਕਾਰੀ ਨੌਕਰਾਂ ਦੀ ਡਿਊਟੀ ਡਿਊਟੀ ਵਿੱਚ ਵਿਘਨ ਪਾਉਣਾ(ਸੈਕਸ਼ਨ 186) ਸਣੇ ਸੈਕਸ਼ਨ 332, 353, 506,120-ੲ, 427, 148, 149 ਤਹਿਤ ਇਲਜ਼ਾਮ ਆਇਦ ਕੀਤੇ ਗਏ ਹਨ।
ਹਾਲਾਂਕਿ ਅਦਾਲਤ ਵੱਲੋਂ ਅਮ੍ਰਿਤਪਾਲ ਸਿੰਘ ਉੱਤੇ ਇਸ ਮਾਮਲੇ ਵਿੱਚ ਲੱਗਾ ਆਰਮਜ਼ ਐਕਟ ਅਤੇ ਸੈਕਸ਼ਨ 201(ਸਬੂਤਾਂ ਨੂੰ ਗਾਇਬ ਕਰਨ ਬਾਰੇ) ਹਟਾਇਆ ਗਿਆ ਸੀ।
ਅਜਨਾਲਾ ਥਾਣੇ ਬਾਹਰ ਹਿੰਸਾ ਦਾ ਮਾਮਲਾ ਕੀ ਹੈ

ਤਸਵੀਰ ਸਰੋਤ, Dileep Sharma and Avik Chakraborty/BBC
23 ਫਰਵਰੀ 2023 ਨੂੰ ਅਮ੍ਰਿਤਪਾਲ ਸਿੰਘ ਨੇ ਆਪਣੇ ਹਮਾਇਤੀਆਂ ਦੇ ਨਾਲ ਪਿੰਡ ਜੱਲੂਪੁਰ ਖੇੜਾ ਤੋਂ ਮਾਰਚ ਨੂੰ ਸ਼ੁਰੂ ਕੀਤਾ ਸੀ।
ਉਨ੍ਹਾਂ ਦੇ ਮਾਰਚ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਤੇ ਪੰਜ ਪਿਆਰੇ ਨਾਲ ਸਨ। ਉਨ੍ਹਾਂ ਦੇ ਪਿੱਛੇ ਅਮ੍ਰਿਤਪਾਲ ਸਨ। ਪੁਲਿਸ ਵੱਲੋਂ ਸਖ਼ਤ ਬੰਦੋਬਸਤ ਕੀਤੇ ਗਏ ਸਨ।
ਅਮ੍ਰਿਤਪਾਲ ਆਪਣੇ ਸਾਥੀ ਲਵਪ੍ਰੀਤ ਸਿੰਘ ਉਰਫ਼ ਤੂਫ਼ਾਨ ਦੀ ਰਿਹਾਈ ਦੀ ਮੰਗ ਕਰ ਰਹੇ ਸਨ। ਇਸ ਦੇ ਨਾਲ ਹੀ ਉਹ ਖੁਦ 'ਤੇ ਅਤੇ ਆਪਣੇ ਪੰਜ ਸਾਥੀਆਂ ਉੱਤੇ ਦਰਜ ਪਰਚਿਆਂ ਨੂੰ ਰੱਦ ਕਰਨ ਦੀ ਮੰਗ ਵੀ ਕਰ ਰਹੇ ਸੀ।
15 ਫ਼ਰਵਰੀ 2023 ਨੂੰ ਅੰਮ੍ਰਿਤਸਰ ਵਿੱਚ ਇੱਕ ਧਾਰਮਿਕ ਸਮਾਗਮ ਵਿੱਚ ਹਿੱਸਾ ਲੈਣ ਗਏ ਇੱਕ ਵਿਅਕਤੀ ਵਰਿੰਦਰ ਸਿੰਘ ਦੀ ਕਥਿਤ ਤੌਰ ਉੱਤੇ ਕੁੱਟਮਾਰ ਹੋਈ ਸੀ।

ਵਰਿੰਦਰ ਦੀ ਸ਼ਿਕਾਇਤ 'ਤੇ ਅਜਨਾਲਾ ਪੁਲਿਸ ਨੇ ਅਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਕੁਝ ਸਾਥੀਆਂ ਖ਼ਿਲਾਫ਼ ਕੁੱਟਮਾਰ ਅਤੇ ਲੁੱਟਖੋਹ ਦਾ ਪਰਚਾ ਦਰਜ ਕੀਤਾ।
22 ਫ਼ਰਵਰੀ ਨੂੰ ਅਮ੍ਰਿਤਪਾਲ ਸਿੰਘ ਨੇ ਇੱਕ ਪ੍ਰੈਸ ਵਾਰਤਾ ਵਿੱਚ ਕਿਹਾ ਸੀ ਕਿ ਜੇ ਗ੍ਰਿਫ਼ਤਾਰ ਕੀਤੇ ਗਏ ਉਨ੍ਹਾਂ ਦੇ ਸਾਥੀ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਉਹ 23 ਫ਼ਰਵਰੀ ਨੂੰ ਆਪਣੇ ਸਾਥੀਆਂ ਸਮੇਤ ਅਜਨਾਲਾ ਥਾਣੇ ਪਹੁੰਚ ਕੇ ਗ੍ਰਿਫ਼ਤਾਰੀ ਦੇਣਗੇ।
23 ਫ਼ਰਵਰੀ, 2023 ਨੂੰ ਅਮ੍ਰਿਤਪਾਲ ਅਤੇ ਉਨ੍ਹਾਂ ਦੇ ਹਮਾਇਤੀਆਂ ਵੱਲੋਂ ਅਜਨਾਲਾ ਥਾਣੇ ਦਾ ਘਿਰਾਓ ਕਰ ਲਿਆ ਗਿਆ ਅਤੇ ਸਾਰੇ ਘਟਨਾਕ੍ਰਮ ਨੇ ਹਿੰਸਾ ਦਾ ਰੂਪ ਧਾਰਨ ਕਰ ਲਿਆ ਸੀ।
'ਵਾਰਿਸ ਪੰਜਾਬ ਦੇ' ਮੁਖੀ ਬਣਨਾ

ਕਈ ਸਾਲ ਦੁਬਈ ਰਹਿਣ ਤੋਂ ਬਾਅਦ ਸਾਲ 2022 'ਚ ਅਗਸਤ ਮਹੀਨੇ ਪੰਜਾਬ ਵਿੱਚ ਵਾਪਸ ਆਏ ਅਤੇ ਉਨ੍ਹਾਂ ਨੇ ਅੰਮ੍ਰਿਤ ਸੰਚਾਰ ਅਤੇ ਨਸ਼ਾ ਛੁਡਾਊ ਲਹਿਰ ਦੇ ਨਾਂ ਉੱਤੇ ਨੌਜਵਾਨਾਂ ਨੂੰ ਆਪਣੇ ਨਾਲ ਜੋੜਨਾ ਸ਼ੁਰੂ ਕੀਤਾ।
ਅਮ੍ਰਿਤਪਾਲ ਸਿੰਘ ਨੂੰ ਮਰਹੂਮ ਸੰਦੀਪ ਸਿੰਘ ਉਰਫ਼ ਦੀਪ ਸਿੱਧੂ ਵਲੋਂ ਬਣਾਈ ਗਈ 'ਵਾਰਿਸ ਪੰਜਾਬ ਦੇ' ਜਥੇਬੰਦੀ ਦਾ ਨਵਾਂ ਮੁਖੀ ਬਣਾਇਆ ਗਿਆ ਸੀ।
ਅਮ੍ਰਿਤਪਾਲ ਸਿੰਘ ਦੀ 'ਵਾਰਸ ਪੰਜਾਬ ਦੇ' ਮੁਖੀ ਵਜੋਂ ਦਸਤਾਰਬੰਦੀ ਜਥੇਬੰਦੀ ਦੀ ਪਹਿਲੀ ਵਰ੍ਹੇਗੰਢ ਮੌਕੇ 29 ਸਤੰਬਰ 2022 ਨੂੰ ਕੀਤੀ ਗਈ ਸੀ।
ਦਰਅਸਲ ਇਸ ਦਿਨ ਦਮਦਮੀ ਟਕਸਾਲ ਦੇ ਸਾਬਕਾ ਮੁਖੀ ਜਰਨੈਲ ਸਿੰਘ ਭਿੰਡਰਾਂਵਾਲੇ ਦਾ ਜਨਮ ਦਿਨ ਵੀ ਸੀ।
ਅਮ੍ਰਿਤਪਾਲ ਸਿੰਘ ਨੇ 10 ਫ਼ਰਵਰੀ 2023 ਨੂੰ ਬਾਬਾ ਬਕਾਲਾ ਵਿੱਚ ਵਿਆਹ ਕਰਵਾਇਆ। ਉਨ੍ਹਾਂ ਨਿੱਜਤਾ ਦਾ ਹਵਾਲਾ ਦਿੰਦਿਆਂ ਆਪਣੀ ਪਤਨੀ ਅਤੇ ਪਰਿਵਾਰ ਬਾਰੇ ਨਹੀਂ ਦੱਸਿਆ ਅਤੇ ਕਿਹਾ ਕਿ ਮੀਡੀਆ ਨੂੰ ਵੀ ਨਿੱਜੀ ਜ਼ਿੰਦਗੀ ਵਿੱਚ ਦਖ਼ਲ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਉਹ ਜਲਦੀ ਕਿਤੇ ਲੋਕਾਂ ਵਿੱਚ ਘੁਲਦੇ ਮਿਲਦੇ ਨਹੀਂ ਹਨ ਅਤੇ ਨਾ ਹੀ ਉਨ੍ਹਾਂ ਦੇ ਬਹੁਤ ਜ਼ਿਆਦਾ ਦੋਸਤ ਹਨ।
ਅਮ੍ਰਿਤਪਾਲ ਸਿੰਘ ਦੀ ਪੜ੍ਹਾਈ, ਕੰਮ ਅਤੇ ਪਰਿਵਾਰ

ਤਸਵੀਰ ਸਰੋਤ, Getty Images
ਪੰਜਾਬ ਪਰਤਣ ਤੋਂ ਪਹਿਲਾਂ ਅਮ੍ਰਿਤਪਾਲ ਸਿੰਘ ਦੁਬਈ ਵਿੱਚ ਰਹਿ ਰਹੇ ਸਨ।
ਪੜ੍ਹਨ ਬਾਰੇ ਉਹ ਦੱਸਦੇ ਹਨ ਕਿ ਸਕੂਲ ਦੌਰਾਨ ਪੜ੍ਹਾਈ ਵਿੱਚ ਦਿਲਚਸਪੀ ਨਹੀਂ ਸੀ ਅਤੇ ਉਸ ਤੋਂ ਬਾਅਦ ਦੁਬਈ ਚਲੇ ਗਏ ਅਤੇ ਫਿਰ ਵਕਤ ਨਹੀਂ ਮਿਲਿਆ।
ਉਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਬਾਰੇ ਕਿਹਾ ਸੀ, ''ਕੰਠ (ਗੁਰੂ ਗ੍ਰੰਥ ਸਾਹਿਬ) ਹੋਣਾ ਤਾਂ ਬਹੁਤ ਜਿਹੜੀਆਂ ਉੱਚੀਆਂ ਰੂਹਾਂ ਨੇ, ਉਨ੍ਹਾਂ ਨੂੰ ਹੁੰਦਾ ਹੈ। ਅਸੀਂ ਤਾਂ ਬਾਣੀ ਸ਼ੁੱਧ ਪੜ੍ਹ ਲਈਏ ਉਹੀ ਬਹੁਤ ਹੈ।''
''ਗੁਰ ਇਤਿਹਾਸ, ਸਿੱਖ ਇਤਿਹਾਸ ਬਾਰੇ ਪੜ੍ਹਿਆ ਹੈ, ਉਹ ਵੀ ਸੀਮਤ ਪੜ੍ਹਿਆ ਹੈ ਪਰ ਜਿਹੜਾ ਪੜ੍ਹਿਆ, ਉਹ ਮਹਾਰਾਜ ਦੀ ਕਿਰਪਾ ਨਾਲ ਸਮਝ ਆ ਗਿਆ ਸੀ।''
ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਪੜ੍ਹਨ ਨਾਲੋਂ ਜ਼ਿਆਦਾ ਸੁਣਨ ਦਾ ਸ਼ੌਂਕ ਹੈ ਅਤੇ ਪੌਡ ਕਾਸਟ ਵਗੈਰਾ ਸੁਣਦੇ ਹਨ।
ਇੱਕ ਹੋਰ ਇੰਟਰਵਿਊ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਤਿੰਨ ਸਾਲ ਇੱਕ ਇੰਜੀਨੀਅਰਿੰਗ ਕਾਲਜ ਵਿੱਚ ਵੀ ਲਗਾਏ ਪਰ ਕਦੇ ਡਿਗਰੀ ਨਹੀਂ ਮਿਲੀ।
ਕਿਤਾਬਾਂ ਨਾਲ ਆਪਣੇ ਰਿਸ਼ਤੇ ਬਾਰੇ ਉਨ੍ਹਾਂ ਨੇ ਕਿਹਾ ਸੀ, ''ਕਿਤਾਬਾਂ ਤੋਂ ਮੇਰੀ ਦੂਰੀ ਰਹੀ ਹੈ ਪਰ ਡਿਸਕਸ਼ਨਜ਼ ਕੀਤੀਆਂ ਹਨ, ਜਿਹੜੇ ਬਹੁਤ ਪੜ੍ਹਦੇ-ਲਿਖਦੇ ਹਨ। ਉਨ੍ਹਾਂ ਚਰਚਾਵਾਂ ਵਿੱਚ ਕਾਫ਼ੀ ਕੁਝ ਸਿੱਖਣ ਨੂੰ ਮਿਲਿਆ।''
ਮੈਂਬਰ ਪਾਰਲੀਮੈਂਟ ਬਣਨਾ

ਤਸਵੀਰ ਸਰੋਤ, thewarispanjabde/instagram
ਅਮ੍ਰਿਤਪਾਲ ਸਿੰਘ ਪੰਜਾਬ ਡਿਬਰੂਗੜ੍ਹ ਜੇਲ੍ਹ ਵਿੱਚੋਂ ਆਜ਼ਾਦ ਉਮੀਦਵਾਰ ਵਜੋਂ 2024 ਦੀ ਲੋਕ ਸਭਾ ਚੋਣ ਲੜੇ ਸਨ।
ਉਨ੍ਹਾਂ ਨੂੰ ਪੰਜਾਬ ਵਿੱਚ ਸਭ ਤੋਂ ਵੱਡੀ ਲੀਡ ਮਿਲੀ ਸੀ।
ਉਨ੍ਹਾਂ ਨੇ ਕਾਂਗਰਸ ਦੇ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੂੰ 1 ਲੱਖ 97 ਹਜ਼ਾਰ 120 ਵੋਟਾਂ ਦੇ ਫ਼ਰਕ ਨਾਲ ਹਰਾਇਆ ਸੀ।
5 ਜੁਲਾਈ. 2024 ਵਿੱਚ ਅਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਡਿਬਰੂਗੜ੍ਹ ਜੇਲ੍ਹ ਤੋਂ ਦਿੱਲੀ ਲਿਜਾਇਆ ਗਿਆ ਸੀ।
ਸਹੁੰ ਚੁੱਕਣ ਲਈ ਅਮ੍ਰਿਤਪਾਲ ਸਿੰਘ ਨੂੰ ਨੈਸ਼ਨਲ ਸਕਿਊਰਿਟੀ ਐਕਟ, 1980 ਦੀ ਧਾਰਾ 15 ਦੇ ਤਹਿਤ ਆਰਜ਼ੀ ਤੌਰ ਉੱਤੇ ਰਿਹਾਅ ਕੀਤਾ ਗਿਆ ਹੈ।
'ਅਕਾਲੀ ਦਲ ਪੰਥ ਨੂੰ ਵਾਪਸ ਮਿਲੇ' ਦੀ ਮੰਗ ਤੋਂ ਲੈ ਕੇ ਆਪਣੀ ਪਾਰਟੀ ਦੇ ਐਲਾਨ ਤੱਕ

ਤਸਵੀਰ ਸਰੋਤ, Getty Images
2025 ਵਿੱਚ ਅਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਮਾਘੀ ਮੇਲੇ ਦੌਰਾਨ ਨਵੀਂ ਸੂਬਾਈ ਪਾਰਟੀ ʻਅਕਾਲੀ ਦਲ ਵਾਰਿਸ ਪੰਜਾਬ ਦੇʼ ਦੇ ਨਾਮ ਵਾਲੀ ਸਿਆਸੀ ਪਾਰਟੀ ਦਾ ਐਲਾਨ ਕਰ ਦਿੱਤਾ ਸੀ।
ਇਸ ਪਾਰਟੀ ਦੇ ਪ੍ਰਧਾਨ ਅਮ੍ਰਿਤਪਾਲ ਸਿੰਘ ਨੂੰ ਥਾਪਿਆ ਗਿਆ ਸੀ।
ਇਸ ਦੇ ਨਾਲ ਇਹ ਵੀ ਐਲਾਨ ਕੀਤਾ ਗਿਆ ਕਿ ਜਦੋਂ ਤੱਕ ਪਾਰਟੀ ਦੇ ਰੇਗੂਲਰ ਪ੍ਰਧਾਨ ਦੀ ਚੋਣ ਨਹੀਂ ਹੁੰਦੀ ਉਦੋਂ ਤੱਕ ਰਾਜਸੀ ਜਮਾਤ ਦੀ ਅਗਵਾਈ ਪੰਜ ਮੈਂਬਰੀ ਕਮੇਟੀ ਕਰੇਗੀ, ਜਿਸ ਵਿੱਚ ਤਰਸੇਮ ਸਿੰਘ ਵੀ ਸ਼ਾਮਲ ਸਨ।
ਕਿਹਾ ਗਿਆ ਸੀ ਕਿ ਇਹ ਮੈਂਬਰ ਨਵੀਂ ਬਣੀ ਕਮੇਟੀ ਦਾ ਜਥੇਬੰਦਕ ਢਾਂਚਾ ਉਸਾਰਨ ਲਈ ਬਣਨ ਵਾਲੀਆਂ ਸਬ ਕਮੇਟੀਆਂ ਦੀ ਨਿਗਰਾਨੀ ਕਰਨਗੇ ਅਤੇ ਜਥੇਬੰਦਕ ਕਾਰਵਾਈਆਂ ਨੂੰ ਨੇਪਰੇ ਚਾੜ੍ਹੇਗੀ।
ਪਾਰਟੀ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਹੋਇਆ ਮਤੇ ਵਿੱਚ ਦੱਸਿਆ ਗਿਆ ਸੀ ਕਿ ਅਕਾਲੀ ਦਲ (ਵਾਰਿਸ ਪੰਜਾਬ ਦੇ) ਸਿੱਖ ਸੰਸਥਾਵਾਂ ਨੂੰ ਸ਼ਕਤੀਸ਼ਾਲੀ ਕਰਨ ਲਈ ਇਨ੍ਹਾਂ ਵਿੱਚ ਲੋੜੀਂਦੇ ਸੁਧਾਰ ਲਿਆਉਣ ਲਈ ਵਚਨਬੱਧ ਹੈ।
ਇਸ ਸਬੰਧੀ ਧਾਰਮਿਕ ਤੇ ਪ੍ਰਬੰਧਕੀ ਜੁਗਤ ਵਿੱਚ ਮਾਹਰ ਸ਼ਖ਼ਸ਼ੀਅਤਾਂ ਨੂੰ ਇੱਕ ਧਾਰਮਿਕ ਮੰਚ ਉਸਾਰਨ ਲਈ ਉਤਸ਼ਾਹਿਤ ਕੀਤਾ ਜਾਵੇਗਾ।
ਇਹ ਮੰਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਉੱਚੇ ਕਿਰਦਾਰ ਵਾਲੇ, ਇਮਾਨਦਾਰ ਤੇ ਮਿਹਨਤੀ ਗੁਰਸਿੱਖਾਂ ਨੂੰ ਅੱਗੇ ਲਿਆਏਗਾ।
ਹਾਲਾਂਕਿ ਇੰਨੀ ਦਿਨੀਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਰਜ਼ਿਸਟ੍ਰੇਸ਼ਨ ਲਈ ਜੱਦੋ ਜਹਿਦ ਕਰ ਰਹੀ ਹੈ।
ਨਵੰਬਰ, 2026 ਵਿੱਚ ਛਪੀ ਖ਼ਬਰ ਏਜੰਸੀ ਪੀਟੀਆਈ ਦੀ ਇੱਕ ਰਿਪੋਰਟ ਮੁਤਾਬਕ, ਭਾਰਤੀ ਚੋਣ ਕਮਿਸ਼ਨ ਨੇ ਦਿੱਲੀ ਹਾਈ ਕੋਰਟ ਨੂੰ ਦੱਸਿਆ ਕਿ ਉਸਨੂੰ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿਰੁੱਧ 'ਗੰਭੀਰ ਅਤੇ ਬਹੁਤ ਹੀ ਸੰਵੇਦਨਸ਼ੀਲ' ਜਾਣਕਾਰੀ ਮਿਲੀ ਹੈ ਅਤੇ ਇਸ ਸੰਗਠਨ ਦੀ ਇੱਕ ਰਾਜਨੀਤਿਕ ਪਾਰਟੀ ਵਜੋਂ ਰਜਿਸਟ੍ਰੇਸ਼ਨ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ 'ਤੇ ਮਾੜਾ ਪ੍ਰਭਾਵ ਪਾ ਸਕਦੀ ਹੈ।

ਤਸਵੀਰ ਸਰੋਤ, Getty Images
ਭਾਰਤੀ ਚੋਣ ਕਮਿਸ਼ਨ ਨੇ ਕਿਹਾ ਕਿ ਜਦੋਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਰਜਿਸਟ੍ਰੇਸ਼ਨ ਦਾ ਮੁੱਦਾ ਵਿਚਾਰ ਅਧੀਨ ਸੀ, ਕਮਿਸ਼ਨ ਨੂੰ ਜੁਲਾਈ ਵਿੱਚ ਇੱਕ 'ਸੰਵੇਦਨਸ਼ੀਲ' ਇਨਪੁਟ ਮਿਲਿਆ ਕਿ ਇਹ ਸੰਗਠਨ 'ਵੱਖਵਾਦ' ਵਿੱਚ ਜੜ੍ਹਾਂ ਰੱਖਦਾ ਹੈ, ਇਸਦੀ ਸਥਾਪਨਾ ਰਾਸ਼ਟਰੀ ਸੁਰੱਖਿਆ ਐਕਟ ਅਧੀਨ ਹਿਰਾਸਤ ਵਿੱਚ ਲਏ ਗਏ ਵਿਅਕਤੀਆਂ ਦੁਆਰਾ ਕੀਤੀ ਗਈ ਸੀ ਅਤੇ ਭਾਰਤ ਦੀ ਪ੍ਰਭੂਸੱਤਾ, ਏਕਤਾ ਅਤੇ ਅਖੰਡਤਾ ਪ੍ਰਤੀ ਆਪਣੀ ਵਫ਼ਾਦਾਰੀ ਬਾਰੇ ਗੰਭੀਰ ਚਿੰਤਾਵਾਂ ਪੈਦਾ ਕਰਦਾ ਹੈ।
ਇਸ ਵਿੱਚ ਕਿਹਾ ਗਿਆ ਹੈ ਕਿ ਜਦੋਂ ਕਿ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਨੇ 27 ਅਪ੍ਰੈਲ, 2026 ਨੂੰ ਸੰਗਠਨ ਬਾਰੇ ਇੱਕ ਸਕਾਰਾਤਮਕ ਤਸਦੀਕ ਰਿਪੋਰਟ ਦਿੱਤੀ ਸੀ, ਸੰਗਠਨ ਦੀਆਂ 'ਵੱਖਵਾਦੀ ਜੜ੍ਹਾਂ' ਬਾਰੇ ਇਤਰਾਜ਼ 9 ਜੁਲਾਈ 2026 ਨੂੰ ਪ੍ਰਾਪਤ ਹੋਇਆ ਸੀ ਅਤੇ ਫਿਰ ਸੀਈਓ ਨੂੰ 'ਵਿਆਪਕ ਪਿਛੋਕੜ ਜਾਂਚ' ਕਰਨ ਅਤੇ ਇੱਕ ਵਿਸਤ੍ਰਿਤ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।
ਚੋਣ ਕਮਿਸ਼ਨ ਨੇ ਕਿਹਾ ਕਿ ਜਾਂਚ ਦੀ ਰਿਪੋਰਟ ਅਜੇ ਪ੍ਰਾਪਤ ਨਹੀਂ ਹੋਈ ਹੈ। ਚੋਣ ਕਮਿਸ਼ਨ ਵੱਲੋਂ ਜਸਟਿਸ ਸੌਰਭ ਬੈਨਰਜੀ ਦੇ ਸਾਹਮਣੇ ਦਾਇਰ ਦੋ ਵੱਖ-ਵੱਖ ਹਲਫ਼ਨਾਮਿਆਂ ਵਿੱਚ ਇਹ ਦਲੀਲਾਂ ਦਿੱਤੀਆਂ ਗਈਆਂ ਸਨ, ਜਿਨ੍ਹਾਂ ਨੇ ਹੁਣ ਮਾਮਲੇ ਨੂੰ 11 ਜਨਵਰੀ, 2027 ਨੂੰ ਵਿਚਾਰ ਲਈ ਸੂਚੀਬੱਧ ਕੀਤਾ ਹੈ।
ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ































